Share & like

ਜ਼ਿਲ੍ਹਾ ਗੁਰਦਾਸਪੁਰ ਵਿੱਚ 173 ਪ੍ਰੀਖਿਆ ਕੇਂਦਰ ਸਥਾਪਿਤ, 52,400 ਵਿਦਿਆਰਥੀ ਦੇਣਗੇ ਪ੍ਰੀਖਿਆ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 15 ਫਰਵਰੀ
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਸਲਾਨਾ ਬੋਰਡ ਪ੍ਰੀਖਿਆਵਾਂ 17 ਫਰਵਰੀ 2026 ਤੋਂ ਸ਼ੁਰੂ ਹੋ ਰਹੀਆਂ ਹਨ। ਪ੍ਰੀਖਿਆਵਾਂ ਨੂੰ ਸੁਚੱਜੇ, ਨਿਰਪੱਖ ਅਤੇ ਨਕਲ ਰਹਿਤ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਪਰਮਜੀਤ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 173 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ 24 ਸੈਲਫ ਸੈਂਟਰ ਵੀ ਬਣਾਏ ਗਏ ਹਨ, ਜਿੱਥੇ ਡੀ.ਏ. ਕੋਡ ਵਾਲੇ ਵਿਦਿਆਰਥੀ ਪ੍ਰੀਖਿਆ ਦੇਣਗੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 52,400 ਵਿਦਿਆਰਥੀ ਪ੍ਰੀਖਿਆ ਵਿੱਚ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਅੱਠਵੀਂ ਜਮਾਤ ਦੇ 14,937, ਦਸਵੀਂ ਜਮਾਤ ਦੇ 17,424 ਅਤੇ ਬਾਰਵੀਂ ਜਮਾਤ ਦੇ 20,039 ਵਿਦਿਆਰਥੀ ਸ਼ਾਮਲ ਹਨ।
ਪ੍ਰੀਖਿਆਵਾਂ ਦੇ ਸੁਚਾਰੂ ਪ੍ਰਬੰਧ ਲਈ ਜ਼ਿਲ੍ਹਾ ਸਿੱਖਿਆ ਦਫਤਰ (ਸਕੈਂਡਰੀ) ਗੁਰਦਾਸਪੁਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਵਿੱਚ ਨੋਡਲ ਅਫਸਰ ਵਜੋਂ ਸੁਰਿੰਦਰ ਕੁਮਾਰ (ਪ੍ਰਿੰਸੀਪਲ, ਸ.ਸ.ਸ.ਸ ਜੌੜਾ ਛੱਤਰਾਂ), ਅਮਿਤ ਗੁਪਤਾ (ਕੰਪਿਊਟਰ ਫੈਕਲਟੀ, ਸ.ਸ.ਸ.ਸ ਸੈਦੋਵਾਲ ਖੁਰਦ) ਅਤੇ ਰਮਨੀ (ਕੰਪਿਊਟਰ ਫੈਕਲਟੀ, ਸ.ਹ.ਸ ਭਾਮ) ਤੈਨਾਤ ਕੀਤੇ ਗਏ ਹਨ, ਜੋ ਪ੍ਰੀਖਿਆ ਕੇਂਦਰਾਂ ਦੇ ਕੰਟਰੋਲਰਾਂ ਅਤੇ ਅਮਲੇ ਨੂੰ ਆਉਣ ਵਾਲੀਆਂ ਦਿੱਕਤਾਂ ਦਾ ਹੱਲ ਕਰਨਗੇ।
ਜ਼ਿਲ੍ਹਾ ਪੱਧਰ ‘ਤੇ ਉਡਨ ਦਸਤੇ ਵੀ ਗਠਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਡਾਇਟ ਪ੍ਰਿੰਸੀਪਲ ਸ਼ਾਮਲ ਹਨ। ਸੀਨੀਅਰ ਪ੍ਰਿੰਸੀਪਲਾਂ ਨੂੰ ਵੱਖ-ਵੱਖ ਬਲਾਕਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਨੇ ਦੱਸਿਆ ਕਿ ਸਾਰੇ ਕੇਂਦਰ ਕੰਟਰੋਲਰਾਂ ਨੂੰ ਬੋਰਡ ਦੀਆਂ ਹਦਾਇਤਾਂ ਅਨੁਸਾਰ ਬੈਠਕ ਪ੍ਰਬੰਧ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ ਅਤੇ ਸੀ.ਸੀ.ਟੀ.ਵੀ ਨਿਗਰਾਨੀ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪ੍ਰੀਖਿਆ ਕੇਂਦਰਾਂ ‘ਤੇ ਪੀਣ ਵਾਲੇ ਪਾਣੀ, ਸਫਾਈ ਅਤੇ ਬਿਜਲੀ ਦੇ ਪ੍ਰਬੰਧ ਵੀ ਪੂਰੇ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਦੀ ਕੇਂਦਰ ਵਿੱਚ ਹਾਜ਼ਰੀ ਯਕੀਨੀ ਬਣਾਈ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਜਾਂ ਨਕਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਦਿਆਰਥੀਆਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਅੰਤ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।


Share & like

Leave a Reply