ਸਮੂਹ ਵਿਭਾਗ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 17 ਫਰਵਰੀ
ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮਹੱਤਵਪੂਰਨ ਮੀਟਿੰਗ ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਆਯੋਜਿਤ ਕੀਤੀ ਗਈ।
ਮੀਟਿੰਗ ਵਿੱਚ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਦਾਸਪੁਰ ਦੇ ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ, ਦੀਨਾਨਗਰ ਦੀ ਵਿਧਾਇਕਾ ਸ੍ਰੀਮਤੀ ਅਰੁਣਾ ਚੌਧਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਸਮੇਤ ਦਿਸ਼ਾ ਕਮੇਟੀ ਦੇ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਆਦਿੱਤਿਆ ਗੁਪਤਾ, ਐੱਸ.ਪੀ (ਐੱਚ) ਜੁਗਰਾਜ ਸਿੰਘ ਅਤੇ ਐੱਸ.ਪੀ (ਡੀ) ਬਟਾਲਾ ਸੰਦੀਪ ਵਡੇਰਾ ਸਮੇਤ ਸਮੂਹ ਐੱਸ.ਡੀ.ਐੱਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।
ਮੀਟਿੰਗ ਦੌਰਾਨ ਐੱਮ.ਪੀ ਲੈਡ ਸਕੀਮ, ਪ੍ਰਧਾਨ ਮੰਤਰੀ ਸਵੈ-ਨਿਧੀ ਯੋਜਨਾ, ਮਿਸ਼ਨ ਅੰਮ੍ਰਿਤ ਸਰੋਵਰ, ਮਨਰੇਗਾ, ਸਾਂਸਦ ਅਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਪੇਂਡੂ ਅਤੇ ਸ਼ਹਿਰੀ), ਨੈਸ਼ਨਲ ਹੈਲਥ ਮਿਸ਼ਨ, ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਕੀਮ, ਬੇਟੀ ਬਚਾਓ ਬੇਟੀ ਪੜ੍ਹਾਓ, ਸਮੱਗਰਾ ਸਿੱਖਿਆ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਵੱਖ-ਵੱਖ ਪੈਨਸ਼ਨ ਸਕੀਮਾਂ, ਉਜਵਲਾ ਯੋਜਨਾ, ਸ਼ਹਿਰੀ ਅਤੇ ਗ੍ਰਾਮੀਣ ਕੋਸ਼ਲ ਯੋਜਨਾਵਾਂ, ਸਵੱਛ ਭਾਰਤ ਮਿਸ਼ਨ ਅਤੇ ਜਲ ਸਪਲਾਈ-ਸੈਨੀਟੇਸ਼ਨ ਸਮੇਤ ਹੋਰ ਵਿਕਾਸ ਯੋਜਨਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਪ੍ਰਧਾਨਗੀ ਕਰਦਿਆਂ ਸਾਂਸਦ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੀ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਯੋਜਨਾ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਧੁੱਸੀ ਬੰਨ ਅਤੇ ਸੱਕੀ ਨਾਲੇ ਨਾਲ ਸੰਬੰਧਿਤ ਮਾਮਲੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਉਚਿਤ ਕਾਰਵਾਈ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਹਰੇਕ ਲੋੜਵੰਦ ਤੱਕ ਪਹੁੰਚਾਉਣ ਲਈ ਯਤਨ ਤੇਜ਼ ਕੀਤੇ ਜਾਣਗੇ।

ਇਸ ਮੌਕੇ ਵਿਧਾਇਕਾਂ ਅਤੇ ਦਿਸ਼ਾ ਕਮੇਟੀ ਦੇ ਮੈਂਬਰਾਂ ਨੇ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿੱਚ ਮੇਅਰ ਨਗਰ ਨਿਗਮ ਬਟਾਲਾ ਸ. ਸੁਖਦੀਪ ਸਿੰਘ ਤੇਜਾ, ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਸ. ਬਲਜੀਤ ਸਿੰਘ ਪਾਹੜਾ, ਨਗਰ ਕੌਂਸਲ ਧਾਰੀਵਾਲ ਦੇ ਪ੍ਰਧਾਨ ਅਸ਼ਵਨੀ ਦੁੱਗਲ ਅਤੇ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੀ ਪ੍ਰਧਾਨ ਸ੍ਰੀਮਤੀ ਰਜਵੰਤ ਕੌਰ ਰੰਧਾਸਨ ਸਮੇਤ ਹੋਰ ਆਗੂ ਵੀ ਮੌਜੂਦ ਰਹੇ।










