ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਬਟਾਲਾ, 21 ਫਰਵਰੀ
ਕਿਸਾਨ ਮਜ਼ਦੂਰ ਮੋਰਚਾ ਵੱਲੋਂ ਬਟਾਲਾ ਦੀ ਦਾਣਾ ਮੰਡੀ ਵਿੱਚ ਸ਼ਹੀਦ ਸ਼ੁਭਕਰਨ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ 16 ਜੋਨਾਂ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ, ਬੀਬੀਆਂ ਅਤੇ ਬਜ਼ੁਰਗ ਸ਼ਾਮਲ ਹੋਏ।

ਸਮਾਗਮ ਦੀ ਅਗਵਾਈ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਹਰਵਿੰਦਰ ਸਿੰਘ ਮਸਾਣੀਆਂ ਅਤੇ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਕੀਤੀ। ਸ਼ੁਰੂਆਤ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ।
ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਸ਼ੁਭਕਰਨ ਸਿੰਘ ਸ਼ੰਭੂ-ਖਨੌਰੀ ਬਾਰਡਰ ਸੰਘਰਸ਼ ਦਾ ਸਰਮੌਰ ਸ਼ਹੀਦ ਸੀ, ਜੋ 21 ਫਰਵਰੀ 2024 ਨੂੰ ਖਨੌਰੀ ਬਾਰਡਰ ‘ਤੇ ਗੋਲੀਬਾਰੀ ਦੌਰਾਨ ਸ਼ਹੀਦ ਹੋਇਆ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਅਤੇ ਸ਼ੰਭੂ-ਖਨੌਰੀ ਮੋਰਚਿਆਂ ਦੌਰਾਨ ਲਗਭਗ 42 ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ।
ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ, ਸੀਡ ਐਕਟ ਅਤੇ ਬਿਜਲੀ ਸੋਧ ਬਿੱਲ 2025 ਕਿਸਾਨਾਂ ਅਤੇ ਮਜ਼ਦੂਰਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਨੀਤੀਆਂ ਖੇਤੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲੀਆਂ ਹਨ।

ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕਿਸਾਨ ਜਥੇਬੰਦੀਆਂ ਉੱਤੇ ਕੀਤੀਆਂ ਕਾਰਵਾਈਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਜ਼ੁਲਮ ਅਤੇ ਦਬਾਅ ਨਾਲ ਸੰਘਰਸ਼ ਨੂੰ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਮਹੂਰੀ ਹੱਕਾਂ ਦੀ ਰਾਖੀ ਅਤੇ ਖੇਤੀਬਾੜੀ ਮਜ਼ਦੂਰਾਂ ਤੇ ਕਿਸਾਨਾਂ ਦੇ ਹੱਕਾਂ ਲਈ ਲੜਾਈ ਅੰਤਿਮ ਮੰਜ਼ਿਲ ਤੱਕ ਜਾਰੀ ਰਹੇਗੀ।
ਇਸ ਮੌਕੇ ਜੋਨ ਪ੍ਰਧਾਨ ਹਰਭਜਨ ਸਿੰਘ ਵੈਰੋ ਮੰਗਲ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਰਸਪਾਲ ਸਿੰਘ ਚੀਮਾ, ਕਵਲਜੀਤ ਸਿੰਘ ਪੰਜਗਰਾਈਆਂ, ਨਿਰਮਲ ਸਿੰਘ, ਸਤਨਾਮ ਸਿੰਘ, ਰਣਬੀਰ ਸਿੰਘ ਡੁਗਰੀ, ਗੁਰਜੀਤ ਸਿੰਘ ਬੱਲੜਵਾਲ, ਅਨੂਪ ਸਿੰਘ ਸੁਲਤਾਨੀ, ਜਤਿੰਦਰ ਸਿੰਘ ਚੀਮਾ, ਗੁਰਪ੍ਰੀਤ ਸਿੰਘ ਨਾਨੋਵਾਲ, ਬੀਬੀ ਬਲਬੀਰ ਕੌਰ, ਬੀਬੀ ਹਰਜੀਤ ਕੌਰ, ਬੀਬੀ ਮਨਜਿੰਦਰ ਕੌਰ ਡੁਗਰੀ, ਦੇਸਾ ਸਿੰਘ ਰਡਿਆ, ਬਲਦੇਵ ਸਿੰਘ ਪੰਡੋਰੀ, ਬਲਵਿੰਦਰ ਸਿੰਘ ਪਠਾਨਕੋਟ ਅਤੇ ਹੋਰ ਕਈ ਆਗੂ ਅਤੇ ਬੀਬੀਆਂ ਹਾਜ਼ਰ ਸਨ।
ਸਮਾਗਮ ਅੰਤ ਵਿੱਚ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲੈ ਕੇ ਸਮਾਪਤ ਕੀਤਾ ਗਿਆ।











