Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 28 ਫ਼ਰਵਰੀ
ਸੀਪੀਆਈ(ਐਮਐਲ) ਲਿਬਰੇਸ਼ਨ ਨੇ ਅਮਰੀਕਾ ਅਤੇ ਉਸਦੇ ਸਾਥੀ ਇਜ਼ਰਾਇਲ ਵੱਲੋਂ ਇਰਾਨ ਉੱਤੇ ਕੀਤੇ ਗਏ ਸਾਂਝੇ ਜੰਗੀ ਹਮਲੇ ਦੀ ਕੜੀ ਨਿੰਦਾ ਕਰਦਿਆਂ ਇਸਨੂੰ ਮੱਧ ਪੂਰਬ ਵਿੱਚ ਭਿਆਨਕ ਤਬਾਹੀ ਮਚਾਉਣ ਵਾਲੀ ਗੈਰ-ਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ।

ਰੋਜ਼ਾਨਾ ਖ਼ਬਰ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਇਕ ਪਾਸੇ ਜਨੇਵਾ ਵਿੱਚ ਸੰਯੁਕਤ ਰਾਜ ਅਮਰੀਕਾ ਅਤੇ ਇਰਾਨ ਦਰਮਿਆਨ ਤੀਸਰੇ ਦੌਰ ਦੀ ਗੱਲਬਾਤ ਜਾਰੀ ਸੀ, ਜਦਕਿ ਦੂਜੇ ਪਾਸੇ ਅਮਰੀਕਾ ਅਤੇ ਇਜ਼ਰਾਇਲ ਵੱਲੋਂ ਇਰਾਨ ਵਿਰੁੱਧ ਜੰਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਅਮਰੀਕਾ ਦੇ ਗੱਲਬਾਤ ਦੇ ਢੋਂਗ ਅਤੇ ਛਲ-ਕਪਟ ਨੂੰ ਬੇਨਕਾਬ ਕਰਦਾ ਹੈ।
ਕਾਮਰੇਡ ਬਖਤਪੁਰਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਜੰਗ ਨਾਲ ਮੱਧ ਪੂਰਬ ਖਿੱਤੇ ਵਿੱਚ ਅਮਨ ਤੇ ਸਥਿਰਤਾ ਨੂੰ ਭਾਰੀ ਨੁਕਸਾਨ ਪਹੁੰਚੇਗਾ ਅਤੇ ਵਿਸ਼ਵ ਸ਼ਾਂਤੀ ਲਈ ਖ਼ਤਰਾ ਪੈਦਾ ਹੋਵੇਗਾ। ਉਨ੍ਹਾਂ ਭਾਰਤ ਦੀ ਜਨਤਾ ਨੂੰ ਅਪੀਲ ਕੀਤੀ ਕਿ ਇਸ ਜੰਗੀ ਕਾਰਵਾਈ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਹਮਲੇ ਤੋਂ ਦੋ ਦਿਨ ਪਹਿਲਾਂ ਅਤੇ ਜੰਗੀ ਮਾਹੌਲ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਜ਼ਰਾਇਲ ਦੌਰੇ ਨਾਲ ਦੇਸ਼ ਦੀ ਛਵੀ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਦੁਨੀਆ ਭਰ ਵਿੱਚ ਭਾਰਤ ਦੀ ਭੂਮਿਕਾ ਉੱਤੇ ਸਵਾਲ ਖੜੇ ਹੋ ਸਕਦੇ ਹਨ।
ਅੰਤ ਵਿੱਚ ਉਨ੍ਹਾਂ ਮੰਗ ਕੀਤੀ ਕਿ ਅੰਤਰਰਾਸ਼ਟਰੀ ਅਦਾਲਤ ਵੱਲੋਂ ਅਮਰੀਕਾ ਦੇ ਪੂਰਵ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਖ਼ਿਲਾਫ਼ ਜੰਗੀ ਅਪਰਾਧਾਂ ਦੀ ਜਾਂਚ ਕਰਕੇ ਉਚਿਤ ਕਾਰਵਾਈ ਕੀਤੀ ਜਾਵੇ।

ਪਾਰਟੀ ਨੇ ਕਿਹਾ ਕਿ ਦੁਨੀਆ ਭਰ ਦੇ ਲੋਕਾਂ ਨੂੰ ਅਮਨ ਅਤੇ ਇਨਸਾਫ਼ ਲਈ ਇਕੱਠੇ ਹੋ ਕੇ ਜੰਗੀ ਨੀਤੀਆਂ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ।


Share & like

Leave a Reply