Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 1 ਮਾਰਚ
ਸਰਹੱਦੀ ਇਲਾਕੇ ਵਿੱਚ ਸਥਿਤ ਆਦੀਆਂ ਪੁਲੀਸ ਪੋਸਟ ਨੇੜੇ ਬੀਤੀ 22 ਫਰਵਰੀ ਨੂੰ ਦੋ ਪੁਲੀਸ ਕਰਮਚਾਰੀਆਂ ਦੀ ਹੱਤਿਆ ਮਗਰੋਂ ਰਣਜੀਤ ਸਿੰਘ ਨਾਮਕ ਨੌਜਵਾਨ ਦੇ ਕਥਿਤ ਐਨਕਾਊਂਟਰ ਮਾਮਲੇ ਨੇ ਹੁਣ ਗੰਭੀਰ ਰੂਪ ਧਾਰ ਲਿਆ ਹੈ। ਇਸ ਘਟਨਾ ਦੇ ਵਿਰੋਧ ਵਿੱਚ ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੇ ਗਏ ਰੋਸ ਧਰਨੇ ਦੇ ਸੱਦੇ ‘ਤੇ ਅੱਜ ਗੁਰਦਾਸਪੁਰ ਦੇ ਬੱਬਰੀ ਚੌਕ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਸਮਾਜਿਕ, ਰਾਜਨੀਤਿਕ ਅਤੇ ਕਿਸਾਨ ਸੰਗਠਨਾਂ ਦੇ ਆਗੂ ਅਤੇ ਕਾਰਕੁਨ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਵੱਲੋਂ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਧਰਨੇ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਰਣਜੀਤ ਸਿੰਘ ਦਾ ਐਨਕਾਊਂਟਰ ਸ਼ੱਕੀ ਹਾਲਾਤਾਂ ਵਿੱਚ ਕੀਤਾ ਗਿਆ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਲਈ ਉਸਦਾ ਪੋਸਟਮਾਰਟਮ ਘੱਟੋ-ਘੱਟ PGIMER Chandigarh ਤੋਂ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਡਾਕਟਰਾਂ ਦੇ ਸੁਤੰਤਰ ਬੋਰਡ ਵੱਲੋਂ ਪੋਸਟਮਾਰਟਮ ਕਰਕੇ ਸੱਚਾਈ ਸਾਹਮਣੇ ਲਿਆਈ ਜਾਵੇ।
ਇਸ ਮੌਕੇ ਕਾਂਗਰਸ ਦੇ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ, ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਸੁੱਚਾ ਸਿੰਘ ਛੋਟੇਪੁਰ, ਸਮਾਜਿਕ ਕਾਰਕੁਨ ਲੱਖਾ ਸਿਧਾਣਾ, ਕਿਰਤੀ ਕਿਸਾਨ ਯੂਨੀਅਨ ਦੇ ਨੇਤਾ ਸਤਬੀਰ ਸਿੰਘ ਸੁਲਤਾਨੀ, ਸੀਪੀਆਈ (ਐਮਐਲ) ਲਿਬਰੇਸ਼ਨ ਦੇ ਸੂਬਾ ਆਗੂ ਗੁਰਮੀਤ ਸਿੰਘ ਬਖਤਪੁਰਾ ਅਤੇ ਸੀਨੀਅਰ ਪੱਤਰਕਾਰ ਹਮੀਰ ਸਿੰਘ ਸਮੇਤ ਹੋਰ ਕਈ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਧਰਨੇ ਨੂੰ ਸੰਬੋਧਨ ਕੀਤਾ।
ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਪੂਰੀ ਜਾਂਚ ਦੇ ਨਿਸ਼ਾਨਾ ਬਣਾਉਣ ਦੀ ਪ੍ਰਵਿਰਤੀ ਚਿੰਤਾਜਨਕ ਹੈ ਅਤੇ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਨਾ ਲਾਜ਼ਮੀ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਜਾਂਚ (ਸੀਬੀਆਈ) ਜਾਂ ਕਿਸੇ ਹੋਰ ਉੱਚ ਪੱਧਰੀ ਸੁਤੰਤਰ ਏਜੰਸੀ ਨੂੰ ਸੌਂਪੀ ਜਾਵੇ, ਤਾਂ ਜੋ ਨਿਰਪੱਖ ਤਰੀਕੇ ਨਾਲ ਸੱਚ ਸਾਹਮਣੇ ਆ ਸਕੇ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਨਹੀਂ ਮੰਨਿਆ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਰਾਜ ਪੱਧਰ ‘ਤੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਧਰਨੇ ਦੌਰਾਨ ਇਲਾਕੇ ਵਿੱਚ ਪੁਲੀਸ ਪ੍ਰਬੰਧ ਵੀ ਮਜ਼ਬੂਤ ਰੱਖਿਆ ਗਿਆ ਹੈ ਤਾਂ ਜੋ ਕਾਨੂੰਨ-ਵਿਵਸਥਾ ਬਣੀ ਰਹੇ।

ਪਰਿਵਾਰਕ ਮੈਂਬਰਾਂ ਨੇ ਦੁਹਰਾਇਆ ਕਿ ਉਹਨਾਂ ਨੂੰ ਇਨਸਾਫ਼ ਮਿਲਣ ਤੱਕ ਧਰਨਾ ਜਾਰੀ ਰਹੇਗਾ ਅਤੇ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।


Share & like

Leave a Reply