ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਕਾਦੀਆਂ/ਗੁਰਦਾਸਪੁਰ, 7 ਮਾਰਚ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 9 ਮਾਰਚ ਨੂੰ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨਗੇ ਅਤੇ ਇਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਕਈ ਵਿਕਾਸ ਪਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾਣਗੇ ਅਤੇ ਇਲਾਕੇ ਦੇ ਲੋਕਾਂ ਲਈ ਨਵੀਆਂ ਸਹੂਲਤਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਐਡਵੋਕੇਟ ਸੇਖਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦੌਰੇ ਨੂੰ ਸਫਲ ਬਣਾਉਣ ਲਈ ਉਹ ਖੁਦ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਮਿਲ ਕੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰ ਰਹੇ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਮੌਜਪੁਰ, ਬੁੱਢਾ ਬਾਲਾ ਸਮੇਤ ਹੋਰ ਪਿੰਡਾਂ ਵਿੱਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਪ੍ਰੋਗਰਾਮ ਦੀ ਤਿਆਰੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਤਹਿਤ ਕਾਦੀਆਂ ਵਿਧਾਨ ਸਭਾ ਹਲਕੇ ਵਿੱਚ ਵੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 9 ਮਾਰਚ ਨੂੰ ਕਾਹਨੂੰਵਾਨ ਦੀ ਦਾਣਾ ਮੰਡੀ ਵਿੱਚ ਹੋਣ ਵਾਲੀ ਜਨਤਕ ਰੈਲੀ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ ਅਤੇ ਇਹ ਰੈਲੀ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਸਾਬਤ ਹੋਵੇਗੀ।










