9 ਮਾਰਚ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਹੋਣ ਵਾਲੀ ਟ੍ਰੇਨਿੰਗ/ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਦੀਨਾਨਗਰ/ਗੁਰਦਾਸਪੁਰ, 7 ਮਾਰਚ
ਸਮੱਗਰ ਸਿੱਖਿਆ ਅਭਿਆਨ ਦੇ ਤਹਿਤ ਐਸ.ਐਸ.ਐਮ ਕਾਲਜ ਦੀਨਾਨਗਰ ਵਿਖੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਬਲਾਕ ਪੱਧਰੀ ਇੱਕ ਦਿਨਾਂ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਦੀ ਦੇਖਰੇਖ ਹੇਠ ਅਤੇ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਦੇ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ, ਸਹਾਇਕ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਮੁਕੇਸ਼ ਵਰਮਾ ਅਤੇ ਰਿਸੋਰਸ ਪਰਸਨ ਹਰਿਸ਼ ਕੁਮਾਰ ਵੱਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੇ ਕਈ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਮਾਸਟਰ ਟ੍ਰੇਨਰ ਮੁਕੇਸ਼ ਵਰਮਾ ਨੇ ਪੋਕਸੋ ਐਕਟ 2012, ਜੂਵੇਨਾਈਲ ਜਸਟਿਸ ਐਕਟ 2015, ਚਾਈਲਡ ਲੇਬਰ ਐਕਟ 1986, ਸੀਪੀਸੀਆਰ ਐਕਟ 2005, ਆਰਟੀਈ ਐਕਟ 2009, ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼, ਐਨਡੀਐਮਏ ਗਾਈਡਲਾਈਨਜ਼ 2021, ਡਿਜਾਸਟਰ ਮੈਨੇਜਮੈਂਟ, ਸਾਇਬਰ ਸੁਰੱਖਿਆ ਅਤੇ ਰੋਡ ਸੇਫਟੀ ਵਰਗੇ ਵਿਸ਼ਿਆਂ ਬਾਰੇ ਅਧਿਆਪਕਾਂ ਨੂੰ ਜਾਗਰੂਕ ਕੀਤਾ।
ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਸਕੂਲਾਂ ਵਿੱਚ ਸੁਰੱਖਿਆ ਮਾਪਦੰਡਾਂ ਦੀ ਪ੍ਰਭਾਵਸ਼ਾਲੀ ਪਾਲਣਾ ਵਿਦਿਆਰਥੀਆਂ ਦੇ ਸਰਬ ਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਸੁਰੱਖਿਅਤ ਅਤੇ ਸੁਹਾਵਣਾ ਵਾਤਾਵਰਣ ਬਣਾਉਣ ਲਈ ਆਪਣੀ ਭੂਮਿਕਾ ਨਿਭਾਉਣ ਅਤੇ ਵਿਦਿਆਰਥੀਆਂ ਪ੍ਰਤੀ ਸੰਵੇਦਨਸ਼ੀਲ ਅਤੇ ਜਾਗਰੂਕ ਰਹਿਣ।
ਇਸ ਮੌਕੇ ਰਿਸੋਰਸ ਪਰਸਨ ਹਰਿਸ਼ ਕੁਮਾਰ ਨੇ ਕਰੀਅਰ ਐਡਵਾਈਜ਼ਰ ਐਪ ਰਾਹੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਤੇ ਯੋਗਤਾ ਅਨੁਸਾਰ ਸਹੀ ਅਗਵਾਈ ਦੇਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਸ ਦੌਰਾਨ ਕਾਲਜ ਪ੍ਰਿੰਸੀਪਲ ਆਰ.ਕੇ. ਤੁਲੀ, ਪ੍ਰੋ. ਪ੍ਰਮੋਦ ਗਰੋਵਰ, ਸੋਨੂ ਮੰਗੋਤਰਾ, ਸੁਸ਼ਮਾ ਅਤਰੀ ਸਮੇਤ ਵੱਖ-ਵੱਖ ਬਲਾਕਾਂ ਤੋਂ ਆਏ ਅਧਿਆਪਕ ਵੀ ਮੌਜੂਦ ਸਨ।

ਫੋਟੋ ਕੈਪਸ਼ਨ: ਸ਼ਮਾ ਰੋਸ਼ਨ ਕਰਦੇ ਹੋਏ ਕਾਲਜ ਪ੍ਰਿੰਸੀਪਲ ਆਰ.ਕੇ. ਤੁਲੀ, ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ ਅਤੇ ਸਹਾਇਕ ਨੋਡਲ ਅਫਸਰ ਮੁਕੇਸ਼ ਵਰਮਾ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਦੇ ਪੱਤਰ ਨੰਬਰ ਜਗਕ 2026/5423 ਮਿਤੀ 05/03/2026 ਅਨੁਸਾਰ ਮਿਤੀ 9-03-2026 ਨੂੰ ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਹੋਣ ਵਾਲੀ ਟ੍ਰੇਨਿੰਗ/ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ।










