Share & like

ਪੰਜਾਬ ਸਰਕਾਰ ਵੱਲੋਂ 234 ਪ੍ਰਿੰਸੀਪਲਾਂ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ ਸਿਖਲਾਈ: ਭਗਵੰਤ ਮਾਨ

ਜਤਿੰਦਰ ਬੈਂਸ / ਰੋਜ਼ਾਨਾ ਖ਼ਬਰ
ਚੰਡੀਗੜ੍ਹ, 7 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਤੋਂ ਸਰਕਾਰੀ ਸਕੂਲਾਂ ਦੇ 30 ਪ੍ਰਿੰਸੀਪਲਾਂ ਦੇ ਇਕ ਨਵੇਂ ਬੈਚ ਨੂੰ ਸਿੰਗਾਪੁਰ ਵਿੱਚ ਉੱਚ ਪੱਧਰੀ ਸਿੱਖਿਆ ਸਿਖਲਾਈ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਬੈਚ ਵਿੱਚ 20 ਮਹਿਲਾ ਪ੍ਰਿੰਸੀਪਲ ਅਤੇ 10 ਪੁਰਸ਼ ਪ੍ਰਿੰਸੀਪਲ ਸ਼ਾਮਲ ਹਨ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਨਵੇਂ ਉਪਰਾਲੇ ਕਰ ਰਹੀ ਹੈ। ਸਰਕਾਰ ਦਾ ਮਕਸਦ ਹੈ ਕਿ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਪ੍ਰਾਪਤ ਕਰਕੇ ਸਕੂਲਾਂ ਵਿੱਚ ਆਧੁਨਿਕ ਅਤੇ ਗੁਣਵੱਤਾ ਭਰੀ ਸਿੱਖਿਆ ਦੇ ਮਾਪਦੰਡ ਲਾਗੂ ਕਰਨ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ 234 ਪ੍ਰਿੰਸੀਪਲਾਂ ਨੂੰ 7 ਵੱਖ-ਵੱਖ ਬੈਚਾਂ ਰਾਹੀਂ ਸਿੰਗਾਪੁਰ ਵਿੱਚ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਹੁਣ ਇਸ ਨਵੇਂ ਬੈਚ ਦੇ ਜਾਣ ਨਾਲ ਸਿੰਗਾਪੁਰ ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੇ ਪ੍ਰਿੰਸੀਪਲਾਂ ਦੀ ਕੁੱਲ ਗਿਣਤੀ 264 ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਰਕਾਰੀ ਸਕੂਲਾਂ ਦੀ ਪ੍ਰਬੰਧਕੀ ਸਮਰੱਥਾ ਵਧਾਉਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਣ ਦਾ ਮਾਹੌਲ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।
ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਪੇਸ਼ਾਵਰ ਯੋਗਤਾ ਵਧਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਤਹਿਤ ਆਉਣ ਵਾਲੇ ਅਪਰੈਲ ਮਹੀਨੇ ਵਿੱਚ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਫਿਨਲੈਂਡ ਵਿੱਚ ਟ੍ਰੇਨਿੰਗ ਲਈ ਭੇਜਣ ਦੀ ਯੋਜਨਾ ਬਣਾਈ ਗਈ ਹੈ। ਫਿਨਲੈਂਡ ਦੀ ਸਿੱਖਿਆ ਪ੍ਰਣਾਲੀ ਨੂੰ ਦੁਨੀਆ ਦੀ ਸਭ ਤੋਂ ਵਧੀਆ ਪ੍ਰਣਾਲੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਉਥੋਂ ਮਿਲਣ ਵਾਲਾ ਅਨੁਭਵ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿੱਚ ਟ੍ਰੇਨਿੰਗ ਹਾਸਲ ਕਰਕੇ ਵਾਪਸ ਆਉਣ ਵਾਲੇ ਪ੍ਰਿੰਸੀਪਲ ਆਪਣਾ ਤਜ਼ਰਬਾ ਹੋਰ ਅਧਿਆਪਕਾਂ ਨਾਲ ਸਾਂਝਾ ਕਰਨਗੇ ਅਤੇ ਸਕੂਲਾਂ ਵਿੱਚ ਨਵੀਆਂ ਸਿੱਖਣ-ਸਿਖਾਉਣ ਦੀਆਂ ਤਕਨੀਕਾਂ ਲਾਗੂ ਕਰਨਗੇ। ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਦਾ ਲਾਭ ਮਿਲੇਗਾ।


Share & like

Leave a Reply