Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 9 ਮਾਰਚ
ਆਦੀਆਂ ਪੁਲਿਸ ਚੈਕ ਪੋਸਟ ‘ਤੇ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰਨ ਦੇ ਮਾਮਲੇ ਵਿੱਚ ਦੋਸ਼ੀ ਦੱਸੇ ਜਾ ਰਹੇ ਰਣਜੀਤ ਸਿੰਘ ਦਾ ਸੋਮਵਾਰ ਨੂੰ ਲਗਭਗ 12 ਦਿਨਾਂ ਮਗਰੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਰਣਜੀਤ ਸਿੰਘ 25 ਫ਼ਰਵਰੀ ਨੂੰ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ। ਘਟਨਾ ਤੋਂ ਬਾਅਦ ਉਸਦੀ ਲਾਸ਼ ਨੂੰ ਲੈ ਕੇ ਪਰਿਵਾਰ ਅਤੇ ਪ੍ਰਸ਼ਾਸਨ ਵਿਚਕਾਰ ਕਾਫ਼ੀ ਸਮੇਂ ਤੱਕ ਤਣਾਅ ਬਣਿਆ ਰਿਹਾ।
ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਪਹਿਲਾਂ ਤੋਂ ਹੀ ਪੋਸਟਮਾਰਟਮ ਨਾ ਕਰਵਾਉਣ ਦੀ ਜ਼ਿੱਦ ‘ਤੇ ਅੜਿਆ ਹੋਇਆ ਸੀ ਅਤੇ ਉਹ ਇਸ ਮਾਮਲੇ ਵਿੱਚ ਜਾਂਚ ਦੀ ਮੰਗ ਕਰ ਰਿਹਾ ਸੀ। ਹਾਲਾਂਕਿ 5 ਮਾਰਚ ਨੂੰ ਅਦਾਲਤ ਦੇ ਹੁਕਮਾਂ ਦੇ ਬਾਅਦ ਰਣਜੀਤ ਸਿੰਘ ਦਾ ਪੋਸਟਮਾਰਟਮ ਕਰਵਾਇਆ ਗਿਆ। ਇਸ ਦੇ ਬਾਵਜੂਦ ਵੀ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਸੀ ਅਤੇ ਇਨਸਾਫ਼ ਦੀ ਮੰਗ ਕਰਦਿਆਂ ਲਾਸ਼ ਦਾ ਸੰਸਕਾਰ ਟਾਲਿਆ ਜਾ ਰਿਹਾ ਸੀ।
ਪਿਛਲੇ ਕੁਝ ਦਿਨਾਂ ਦੌਰਾਨ ਲਾਸ਼ ਦੀ ਹਾਲਤ ਖਰਾਬ ਹੋਣ ਕਾਰਨ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਐਤਵਾਰ ਨੂੰ ਅੰਤਿਮ ਸੰਸਕਾਰ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਬਾਅਦ ਸੋਮਵਾਰ ਨੂੰ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਅੰਤਿਮ ਸੰਸਕਾਰ ਸਮੇਂ ਪਿੰਡ ਵਾਸੀਆਂ ਦੇ ਨਾਲ-ਨਾਲ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਸਨ। ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਪੂਰਾ ਇਨਸਾਫ਼ ਮਿਲਣ ਤੱਕ ਆਪਣੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 16 ਮਾਰਚ ਨੂੰ ਰਣਜੀਤ ਸਿੰਘ ਦੇ ਭੋਗ ਦੇ ਦਿਨ ਅਗਲੇ ਸੰਘਰਸ਼ੀ ਕਦਮਾਂ ਬਾਰੇ ਫ਼ੈਸਲਾ ਲਿਆ ਜਾਵੇਗਾ।

ਦੱਸਣਯੋਗ ਹੈ ਕਿ ਆਦੀਆਂ ਪੁਲਿਸ ਨਾਕੇ ‘ਤੇ ਹੋਈ ਗੋਲੀਬਾਰੀ ਵਿੱਚ ਦੋ ਪੁਲਿਸ ਜਵਾਨਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਰਣਜੀਤ ਸਿੰਘ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ। ਰਣਜੀਤ ਸਿੰਘ ਕੁਆਰਾ ਸੀ ਅਤੇ ਉਸਦੀ ਮੌਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।


Share & like

Leave a Reply