Share & like

ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ, ਦੋਸ਼ੀ ਜਲਦ ਹੋਣਗੇ ਸਲਾਖਾਂ ਪਿੱਛੇ: ਕੁਲਦੀਪ ਸਿੰਘ ਧਾਲੀਵਾਲ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 9 ਮਾਰਚ:
ਗੁਰਦਾਸਪੁਰ ਦੇ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ-5 ਵਿੱਚ ਬੀਤੇ ਦਿਨੀ ਸੁਨਿਆਰੇ ਦੇ ਘਰ ਹੋਈ ਵੱਡੀ ਲੁੱਟ ਦੀ ਘਟਨਾ ਤੋਂ ਬਾਅਦ ਅੱਜ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਹਲਕਾ ਇੰਚਾਰਜ ਰਮਨ ਬਹਿਲ ਵਿਸ਼ੇਸ਼ ਤੌਰ ‘ਤੇ ਪੀੜਤ ਪਰਿਵਾਰ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ ਗੁਰਦਾਸਪੁਰ ਆਦਿਤਿਆ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਅਤੇ ਦੀਨਾਨਗਰ ਦੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਦੀਆਂ ਵਿਖੇ ਪਹੁੰਚੇ ਹੋਏ ਸਨ ਅਤੇ ਉਨ੍ਹਾਂ ਵਲੋਂ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਪੀੜਤ ਪਰਿਵਾਰ ਨੂੰ ਮਿਲ ਕੇ ਸਰਕਾਰ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾ ਰਹੀ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤੀਵਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਪਾਇਆ ਜਾਵੇਗਾ।
ਵਿਧਾਇਕ ਧਾਲੀਵਾਲ ਨੇ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਤੱਤ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨਿਵੇਸ਼ ਦੇ ਨਵੇਂ ਮੌਕੇ ਪੈਦਾ ਹੋਏ ਹਨ ਅਤੇ ਕਾਰੋਬਾਰੀਆਂ ਵਲੋਂ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਜਿਹੜੀ ਵੀ ਮਦਦ ਦੀ ਲੋੜ ਹੋਵੇਗੀ, ਸਰਕਾਰ ਉਸ ਲਈ ਤਿਆਰ ਹੈ। ਚਾਹੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਗੱਲ ਹੋਵੇ ਜਾਂ ਸੈਲਫ ਡਿਫੈਂਸ ਲਈ ਹਥਿਆਰ ਦੇਣ ਦੀ, ਸਰਕਾਰ ਹਰ ਸੰਭਵ ਸਹਾਇਤਾ ਲਈ ਉਨ੍ਹਾਂ ਦੇ ਨਾਲ ਖੜੀ ਹੈ।

ਇਸ ਦੌਰਾਨ ਹਲਕਾ ਇੰਚਾਰਜ ਰਮਨ ਬਹਿਲ ਨੇ ਵੀ ਕਿਹਾ ਕਿ ਇਹ ਪਰਿਵਾਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਇਸ ਔਖੀ ਘੜੀ ਵਿੱਚ ਉਹ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜੇ ਹਨ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।


Share & like

Leave a Reply