Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 9 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਹੁਣ ਪੁਰਾਣੀ ਸਿਆਸੀ ਪ੍ਰਣਾਲੀ ਤੋਂ ਬਾਹਰ ਨਿਕਲ ਕੇ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਵਾਲੇ ਨਵੇਂ ਦੌਰ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਇੱਕ ਵਾਰ ਫਿਰ ‘ਝਾੜੂ’ ਚਲਾ ਕੇ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨਗੇ।

ਕਾਦੀਆਂ ਵਿਖੇ 168.44 ਕਰੋੜ ਰੁਪਏ ਦੀ ਲਾਗਤ ਨਾਲ 237 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਜਨਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਬੰਦ ਕੀਤਾ, ਪਰ ਮੌਜੂਦਾ ਸਰਕਾਰ ਨਵੇਂ ਤੇ ਆਧੁਨਿਕ ਸਕੂਲ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਦੀ ਲੋੜ ਨਾ ਪਵੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਕਰੀਬ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਕੀਤੇ ਹਨ, ਜਿਸ ਨਾਲ ਲਗਭਗ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕਾਹਨੂੰਵਾਨ ਸ਼ਹਿਰ ਨੂੰ ਸਬ ਡਿਵੀਜ਼ਨ ਬਣਾਇਆ ਜਾਵੇਗਾ, ਜਿੱਥੇ ਐਸ.ਡੀ.ਐਮ., ਤਹਿਸੀਲਦਾਰ, ਪਟਵਾਰੀ ਸਮੇਤ ਸਾਰੇ ਸਰਕਾਰੀ ਦਫ਼ਤਰ ਇਕੋ ਛੱਤ ਹੇਠ ਕੰਮ ਕਰਨਗੇ।

ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸੱਤਾ ਦੇ ਸੁਖ ਲਈ ਪੰਜਾਬ ਨੂੰ ਪਿੱਛੇ ਧੱਕਿਆ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਝਾਰਖੰਡ ਵਿੱਚ ਪੰਜਾਬ ਦੀ ਕੋਲਾ ਖਾਣ ਨੂੰ ਬੰਦ ਰੱਖ ਕੇ ਨਿੱਜੀ ਕੰਪਨੀਆਂ ਤੋਂ ਕੋਲਾ ਖਰੀਦਣ ਵਿੱਚ ਕਮਿਸ਼ਨ ਖਾਣ ਦੀ ਸਿਆਸਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਭਲਾਈ ਦੀਆਂ ਕਈ ਯੋਜਨਾਵਾਂ ਲਾਗੂ ਕਰ ਰਹੀ ਹੈ, ਜਿਵੇਂ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ, ਮਹਿਲਾਵਾਂ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਅਤੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਸਿਹਤ ਯੋਜਨਾ।
ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਸੁਧਾਰ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਸਮੇਤ ਕਈ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮੌਜੂਦ ਸਨ।


Share & like

Leave a Reply