Share & like

ਹਿੰਦੂ-ਸਿੱਖ ਏਕਤਾ ਪੰਜਾਬ ਦੀ ਤਰੱਕੀ ਦੀ ਬੁਨਿਆਦ, ਜਬਰੀ ਧਰਮ ਪਰਿਵਰਤਨ ਵਿਰੁੱਧ ਸਖ਼ਤ ਕਾਨੂੰਨ ਲਿਆਵਾਂਗੇ: ਅਮਿਤ ਸ਼ਾਹ

ਜਤਿੰਦਰ ਬੈਂਸ / ਰੋਜ਼ਾਨਾ ਖ਼ਬਰ
ਮੋਗਾ, 14 ਮਾਰਚ
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਆਪਣਾ ਸਿਆਸੀ ਅਧਾਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੋਗਾ ਵਿੱਚ ਕਰਵਾਈ ਗਈ ‘ਬਦਲਾਅ ਰੈਲੀ’ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰ ਅਤੇ ਸਮਰਥਕ ਮੌਜੂਦ ਰਹੇ। ਅਮਿਤ ਸ਼ਾਹ ਨੇ ਕੇਸਰੀ ਦਸਤਾਰ ਸਜਾ ਕੇ ਸਟੇਜ ‘ਤੇ ਪਹੁੰਚਦਿਆਂ ਆਪਣੇ ਸੰਬੋਧਨ ਦੀ ਸ਼ੁਰੂਆਤ “ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ”, “ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ” ਅਤੇ “ਭਾਰਤ ਮਾਤਾ ਕੀ ਜੈ” ਦੇ ਨਾਅਰਿਆਂ ਨਾਲ ਕੀਤੀ।

ਉਨ੍ਹਾਂ ਕਿਹਾ ਕਿ ਹਿੰਦੂ-ਸਿੱਖ ਏਕਤਾ ਪੰਜਾਬ ਦੀ ਤਰੱਕੀ ਅਤੇ ਸਮਾਜਕ ਸਾਂਝ ਦੀ ਮਜ਼ਬੂਤ ਬੁਨਿਆਦ ਹੈ ਅਤੇ ਇਸ ਏਕਤਾ ਨੂੰ ਮਜ਼ਬੂਤ ਕਰਨਾ ਭਾਜਪਾ ਦੀ ਪ੍ਰਾਥਮਿਕਤਾ ਰਹੇਗੀ।
ਨਾਨਕਸ਼ਾਹੀ ਨਵੇਂ ਸਾਲ ‘ਤੇ ਸਿੱਖ ਗੁਰੂਆਂ ਨੂੰ ਨਮਨ
ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਸਾਲ ਦੀ ਸ਼ੁਰੂਆਤ ਦੇ ਮੌਕੇ ਨੂੰ ਉਜਾਗਰ ਕਰਦਿਆਂ ਅਮਿਤ ਸ਼ਾਹ ਨੇ ਸਿੱਖ ਗੁਰੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਕੇਸਰੀ ਦਸਤਾਰ ਸਿੱਖ ਪੰਥ ਦੀ ਸ਼ਾਨ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ।
2027 ਦੀਆਂ ਚੋਣਾਂ ਲਈ ਵਿਜੇ ਸੰਕਲਪ
ਰੈਲੀ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ “ਵਿਜੇ ਸੰਕਲਪ” ਲੈਣ। ਉਨ੍ਹਾਂ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਹੀ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਅਤੇ ਸੂਬੇ ਵਿੱਚ ਇੱਕੋ ਪਾਰਟੀ ਦੀ ਸਰਕਾਰ ਹੋਣ ਨਾਲ ਵਿਕਾਸ ਦੀ ਰਫ਼ਤਾਰ ਤੇਜ਼ ਹੁੰਦੀ ਹੈ, ਜਿਸ ਨਾਲ ਪੰਜਾਬ ਦੀ ਗੁਆਚੀ ਹੋਈ ਸ਼ਾਨ ਮੁੜ ਬਹਾਲ ਕੀਤੀ ਜਾ ਸਕਦੀ ਹੈ।
ਕਰਤਾਰਪੁਰ ਲਾਂਘੇ ਦਾ ਵੀ ਕੀਤਾ ਜ਼ਿਕਰ
ਅਮਿਤ ਸ਼ਾਹ ਨੇ ਆਪਣੇ ਸੰਬੋਧਨ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਸ ਯਾਤਰਾ ਨੂੰ ਸੰਭਵ ਬਣਾਇਆ। ਉਨ੍ਹਾਂ ਕਿਹਾ ਕਿ ਜੇ ਆਜ਼ਾਦੀ ਦੇ ਸਮੇਂ ਭਾਜਪਾ ਸੱਤਾ ਵਿੱਚ ਹੁੰਦੀ ਤਾਂ ਕਰਤਾਰਪੁਰ ਸਾਹਿਬ ਅੱਜ ਭਾਰਤ ਦਾ ਹਿੱਸਾ ਹੁੰਦਾ।
ਕਾਂਗਰਸ ‘ਤੇ ਤਿੱਖਾ ਹਮਲਾ
ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਅਮਿਤ ਸ਼ਾਹ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਸਿੱਖਾਂ ਅਤੇ ਹਿੰਦੂਆਂ ਵਿੱਚ ਖਾਈ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਨੇ ਧਰਮ ਦੀ ਰੱਖਿਆ ਲਈ ਸ਼ਹਾਦਤਾਂ ਦਿੱਤੀਆਂ ਹਨ ਅਤੇ ਜਬਰੀ ਧਰਮ ਪਰਿਵਰਤਨ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਦਾ ਵਾਅਦਾ ਕੀਤਾ।
ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਦਾਅਵਾ
ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ‘ਤੇ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ ਚਲਾਈ ਜਾਵੇਗੀ ਅਤੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਜਾਣਗੇ।
ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਚਰਚਾ ਦਾ ਵਿਸ਼ਾ
ਇਸ ਰੈਲੀ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਰਹੀ। ਹਾਲਾਂਕਿ ਉਨ੍ਹਾਂ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਧੀ ਜੈ ਇੰਦਰ ਕੌਰ ਰੈਲੀ ਵਿੱਚ ਮੌਜੂਦ ਸਨ।
ਪੰਜਾਬੀ ਡਬਲ ਇੰਜਣ ਸਰਕਾਰ ਦੀ ਮੰਗ ਕਰ ਰਹੇ: ਰਵਨੀਤ ਬਿੱਟੂ
ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਡਬਲ ਇੰਜਣ ਵਾਲੀ ਸਰਕਾਰ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਮਿਤ ਸ਼ਾਹ ਦੀ ਅਗਵਾਈ ਵਿੱਚ ਭਾਜਪਾ ਨੇ ਦੇਸ਼ ਭਰ ਵਿੱਚ ਆਪਣਾ ਸਿਆਸੀ ਦਾਇਰਾ ਵਧਾਇਆ ਹੈ।
ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨਾ
ਬਿੱਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਗਲਤ ਵਿੱਤੀ ਨੀਤੀਆਂ ਕਾਰਨ ਪੰਜਾਬ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਸਰਕਾਰ ਨੂੰ ਤਨਖਾਹਾਂ ਤੇ ਪੈਨਸ਼ਨਾਂ ਦੇ ਭੁਗਤਾਨ ਵਿੱਚ ਮੁਸ਼ਕਲਾਂ ਆ ਰਹੀਆਂ ਹਨ।
ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਚਿੰਤਾ
ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਚਿੰਤਾ ਜਤਾਉਂਦਿਆਂ ਕੇਂਦਰ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿੱਚ ਆ ਰਹੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸਖ਼ਤ ਕਦਮ ਲੈਣ ਦੀ ਲੋੜ ਹੈ।
ਕਾਂਗਰਸ ‘ਤੇ ਸੁਨੀਲ ਜਾਖੜ ਦਾ ਹਮਲਾ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਧਿਰ ਹੋਣ ਦੇ ਬਾਵਜੂਦ ਕਾਂਗਰਸ ਆਮ ਆਦਮੀ ਪਾਰਟੀ ਸਰਕਾਰ ਨੂੰ ਜਵਾਬਦੇਹ ਨਹੀਂ ਬਣਾ ਰਹੀ ਅਤੇ ਆਪਸੀ ਲੜਾਈ ਵਿੱਚ ਫਸੀ ਹੋਈ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਸਿਰਫ਼ ਭਾਜਪਾ ਦੀ ਸਰਕਾਰ ਹੀ ਪੰਜਾਬ ਨੂੰ ਸੁਰੱਖਿਆ ਅਤੇ ਵਿਕਾਸ ਦੀ ਦਿਸ਼ਾ ਦੇ ਸਕਦੀ ਹੈ।


Share & like

Leave a Reply