Share & like

ਜਤਿੰਦਰ ਬੈਂਸ / ਰੋਜ਼ਾਨਾ ਖ਼ਬਰ
ਗੁਰਦਾਸਪੁਰ, 19 ਮਾਰਚ
ਸ਼ਹਿਰ ਵਿੱਚ ਵੱਧ ਰਹੇ ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਇੰਪਰੂਵਮੈਂਟ ਟਰੱਸਟ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਚੇਅਰਮੈਨ ਰਾਜੀਵ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਸ਼ਹਿਰ ਦੇ ਮੁੱਖ ਚੌਕਾਂ ਵਿੱਚ ਜਲਦੀ ਹੀ ਅਤਿ-ਆਧੁਨਿਕ ਸੈਂਸਰ ਵਾਲੀਆਂ ਟ੍ਰੈਫਿਕ ਲਾਈਟਾਂ ਲਗਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਉਹਨਾਂ ਪੁਆਇੰਟਾਂ ਦੀ ਪਹਿਚਾਣ ਕਰ ਲਈ ਗਈ ਹੈ, ਜਿੱਥੇ ਟ੍ਰੈਫਿਕ ਜਾਮ ਅਤੇ ਹਾਦਸਿਆਂ ਦਾ ਖਤਰਾ ਵੱਧ ਹੁੰਦਾ ਹੈ। ਇਸ ਤਹਿਤ ਜਹਾਜ਼ ਚੌਕ, ਡਾਕਖਾਨਾ ਚੌਂਕ, ਭਗਵਾਨ ਪਰਸ਼ੂਰਾਮ ਚੌਕ ਅਤੇ ਭਾਈ ਲਾਲੋ ਚੌਂਕ ਸਮੇਤ ਕਈ ਅਹਿਮ ਸਥਾਨਾਂ ’ਤੇ ਨਵੀਆਂ ਲਾਈਟਾਂ ਲਗਣਗੀਆਂ।
ਚੇਅਰਮੈਨ ਨੇ ਕਿਹਾ ਕਿ ਇਹ ਆਧੁਨਿਕ ਟ੍ਰੈਫਿਕ ਲਾਈਟਾਂ ਨਾ ਸਿਰਫ਼ ਟ੍ਰੈਫਿਕ ਨੂੰ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਮਦਦ ਕਰਨਗੀਆਂ, ਸਗੋਂ ਸੜਕ ਸੁਰੱਖਿਆ ਵਿੱਚ ਵੀ ਵਾਧਾ ਕਰਣਗੀਆਂ। ਖਾਸ ਕਰਕੇ ਪੈਦਲ ਯਾਤਰੀਆਂ ਅਤੇ ਸਕੂਲੀ ਬੱਚਿਆਂ ਲਈ ਸੜਕ ਪਾਰ ਕਰਨਾ ਹੋਰ ਵੀ ਆਸਾਨ ਹੋ ਜਾਵੇਗਾ।
ਇਸ ਦੇ ਨਾਲ ਹੀ ਚੌਕਾਂ ’ਤੇ ਹਾਈ-ਡੈਫੀਨੇਸ਼ਨ ਸੀਸੀਟੀਵੀ ਕੈਮਰੇ ਵੀ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਆਨਲਾਈਨ ਚਲਾਨ ਕੀਤੇ ਜਾਣਗੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨਾ ਟਰੱਸਟ ਦੀ ਪ੍ਰਾਥਮਿਕਤਾ ਹੈ ਅਤੇ ਇਸ ਪ੍ਰਾਜੈਕਟ ਨਾਲ ਨਾ ਸਿਰਫ਼ ਸਮੇਂ ਦੀ ਬਚਤ ਹੋਵੇਗੀ, ਸਗੋਂ ਹਾਦਸਿਆਂ ਵਿੱਚ ਵੀ ਘਟਾਓ ਆਵੇਗਾ।

ਇਸ ਫੈਸਲੇ ਦਾ ਸਥਾਨਕ ਦੁਕਾਨਦਾਰਾਂ ਅਤੇ ਰਾਹਗੀਰਾਂ ਵੱਲੋਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਦੇ ਮੁਤਾਬਕ ਪੀਕ ਆਵਰ ਦੌਰਾਨ ਲੱਗਣ ਵਾਲੇ ਭਾਰੀ ਜਾਮ ਹੁਣ ਘੱਟ ਹੋਣ ਦੀ ਉਮੀਦ ਹੈ।


Share & like

Leave a Reply