ਚੰਡੀਗੜ੍ਹ, 23 ਮਾਰਚ (ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ)
ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਕੇਂਦਰ ਬਣੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਪੁਲੀਸ ਵੱਲੋਂ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿੱਚ ਆਤਮ ਸਮਰਪਣ ਅਤੇ ਗ੍ਰਿਫ਼ਤਾਰੀ ਨੂੰ ਲੈ ਕੇ ਅਜੇ ਵੀ ਸੰਦੇਹ ਬਣਿਆ ਹੋਇਆ ਹੈ।
ਭੁੱਲਰ ਵੱਲੋਂ ਸੋਸ਼ਲ ਮੀਡੀਆ ‘ਤੇ ਜਾਰੀ ਕੀਤੀ ਗਈ ਪੋਸਟ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਉਹਨਾਂ ਨੇ ਖੁਦ ਪੁਲੀਸ ਅੱਗੇ ਆਤਮ ਸਮਰਪਣ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਅਤੇ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਰੱਖਦੇ ਹਨ ਅਤੇ ਕਿਤੇ ਭੱਜੇ ਨਹੀਂ ਸਨ, ਸਗੋਂ ਪੰਜਾਬ ਵਿੱਚ ਹੀ ਰਹਿੰਦੇ ਹੋਏ ਸਚਾਈ ਦੇ ਆਧਾਰ ‘ਤੇ ਖੁਦ ਹਾਜ਼ਰ ਹੋਏ ਹਨ।
ਦੂਜੇ ਪਾਸੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਭੁੱਲਰ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਸਵਾਲ ਉੱਠ ਰਹੇ ਹਨ ਕਿ ਕੀ ਇਹ ਸੱਚਮੁੱਚ ਆਤਮ ਸਮਰਪਣ ਸੀ ਜਾਂ ਫਿਰ ਪੁਲੀਸ ਕਾਰਵਾਈ ਦਾ ਨਤੀਜਾ।
ਇਹ ਸਾਰਾ ਮਾਮਲਾ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਭੁੱਲਰ ਸਮੇਤ ਕਈ ਲੋਕਾਂ ‘ਤੇ ਕੇਸ ਦਰਜ ਹੋਇਆ ਸੀ। ਕੇਸ ਦਰਜ ਹੋਣ ਤੋਂ ਬਾਅਦ ਭੁੱਲਰ ਕੁਝ ਸਮੇਂ ਲਈ ਗਾਇਬ ਰਹੇ ਸਨ।
ਸਰਕਾਰੀ ਸੂਤਰਾਂ ਮੁਤਾਬਕ, ਭੁੱਲਰ ਨੂੰ 24 ਮਾਰਚ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਧਰ ਮ੍ਰਿਤਕ ਦੇ ਪਰਿਵਾਰ ਵੱਲੋਂ ਮੰਗ ਕੀਤੀ ਗਈ ਸੀ ਕਿ ਜਦੋਂ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਪੋਸਟਮਾਰਟਮ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮਾਮਲੇ ਨੇ ਉਸ ਵੇਲੇ ਹੋਰ ਤੀਬਰ ਰੂਪ ਧਾਰ ਲਿਆ ਜਦੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਬਾਰੇ ਵਿਚਾਰ ਕਰਨ ਦੀ ਗੱਲ ਕੀਤੀ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਭੁੱਲਰ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆ ਗਈ।
ਇਸ ਦੇ ਨਾਲ ਹੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਧਿਕਾਰੀਆਂ ‘ਤੇ ਬਣ ਰਹੇ ਦਬਾਅ ਦੀ ਸੱਚਾਈ ਸਾਹਮਣੇ ਆ ਸਕੇਗੀ।
ਉਧਰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਸੰਸਦ ਵਿੱਚ ਇਹ ਮਾਮਲਾ ਉਠਾਇਆ ਅਤੇ ਕੇਂਦਰ ਸਰਕਾਰ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ।

,ਫਿਲਹਾਲ, ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੀੜਤ ਪਰਿਵਾਰ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ, ਪਰ ਮਾਮਲੇ ਦੀ ਸੱਚਾਈ ਅਤੇ ਨਿਆਂ ਲਈ ਹੁਣ ਸਭ ਦੀ ਨਿਗਾਹ ਅਗਲੀ ਕਾਨੂੰਨੀ ਕਾਰਵਾਈ ‘ਤੇ ਟਿਕੀ ਹੋਈ ਹੈ।










