ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 27 ਮਾਰਚ
ਸੀਪੀਆਈ(ਐਮਐਲ) ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪੰਜਾਬ ਪੱਧਰੀ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਦਾ ਅੰਤਿਮ ਸੰਸਕਾਰ ਅੱਜ ਸਨਮਾਨ ਨਾਲ ਕਰ ਦਿੱਤਾ ਗਿਆ। ਯਾਦ ਰਹੇ ਕਿ ਭਾਗੋਕਾਵਾਂ ਦੀ 24 ਮਾਰਚ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਅਚਾਨਕ ਮੌਤ ਹੋ ਗਈ ਸੀ, ਜਿਸ ਨਾਲ ਕਿਸਾਨ ਅਤੇ ਮਜ਼ਦੂਰ ਅੰਦੋਲਨ ਵਿੱਚ ਗਹਿਰਾ ਦੁੱਖ ਛਾ ਗਿਆ।

ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ “ਸੁਖਦੇਵ ਸਿੰਘ ਭਾਗੋਕਾਵਾਂ ਅਮਰ ਰਹੇ” ਅਤੇ “ਭਾਗੋਕਾਵਾਂ ਜਿੰਦਾਬਾਦ” ਦੇ ਨਾਅਰੇ ਲਗਾ ਕੇ ਆਪਣੇ ਪ੍ਰਿਯ ਨੇਤਾ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਸੀਪੀਆਈ(ਐਮਐਲ) ਲਿਬਰੇਸ਼ਨ ਦੇ ਪੰਜਾਬ ਇੰਚਾਰਜ ਪੁਰਸ਼ੋਤਮ ਸ਼ਰਮਾ, ਸੂਬਾ ਸਕੱਤਰ ਗੁਰਮੀਤ ਸਿੰਘ ਬਖਤਪੁਰਾ, ਸੁਖਦਰਸ਼ਨ ਸਿੰਘ ਨੱਤ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਆਗੂ ਅਸ਼ਵਨੀ ਕੁਮਾਰ ਲੱਖਣ ਕਲਾਂ, ਗੁਲਜਾਰ ਸਿੰਘ ਬਸੰਤਕੋਟ, ਬਲਬੀਰ ਸਿੰਘ ਕਤੋਂਵਾਲ, ਮਖਣ ਕੁਹਾੜ, ਮੰਗਲ ਧਰਮਕੋਟ, ਗੁਰਵਿੰਦਰ ਸਿੰਘ ਜੂਨਚੱਕ, ਸਤਬੀਰ ਸਿੰਘ ਸੁਲਤਾਨੀ, ਬਲਬੀਰ ਸਿੰਘ ਮੂਧਲ, ਅਸ਼ੋਕ ਮਹਾਜਨ, ਚਰਨਜੀਤ ਸਿੰਘ ਭਿੰਡਰ ਸਮੇਤ ਕਈ ਹੋਰ ਆਗੂ ਹਾਜ਼ਰ ਸਨ।
ਇਸ ਤੋਂ ਇਲਾਵਾ ਮਜ਼ਦੂਰ ਆਗੂਆਂ ਵਿੱਚ ਵਿਜੇ ਸੋਹਲ, ਸ਼ਿਵ ਕੁਮਾਰ, ਅਸ਼ੋਕ ਭਾਰਤੀ, ਗੁਲਜਾਰ ਸਿੰਘ ਭੁੰਬਲੀ ਅਤੇ ਸਮਸ਼ੇਰ ਹੇਰ ਵੀ ਮੌਕੇ ’ਤੇ ਮੌਜੂਦ ਰਹੇ। ਸਾਰੇ ਆਗੂਆਂ ਨੇ ਸੁਖਦੇਵ ਸਿੰਘ ਭਾਗੋਕਾਵਾਂ ਦੀ ਸੰਘਰਸ਼ਮਈ ਜ਼ਿੰਦਗੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਦੇ ਰਹੇ ਅਤੇ ਉਨ੍ਹਾਂ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ।

ਆਗੂਆਂ ਨੇ ਇਹ ਵੀ ਕਿਹਾ ਕਿ ਭਾਗੋਕਾਵਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।










