ਗੁਰਦਾਸਪੁਰ, 30 ਮਾਰਚ (ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ) ਫਸਲਾਂ ਦੇ ਪੂਰੇ ਭਾਅ ਨਾ ਮਿਲਣ ਅਤੇ ਸਾਰੀਆਂ ਫਸਲਾਂ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ‘ਤੇ ਵੱਧ ਰਹੇ ਕਰਜ਼ੇ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਨਾਲ ਜੁੜੀਆਂ ਜਥੇਬੰਦੀਆਂ ਵੱਲੋਂ ਅੱਜ ਗੁਰਦਾਸਪੁਰ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਗਿਆ।
ਕਿਸਾਨਾਂ ਨੇ ਜਹਾਜ਼ ਚੌਂਕ ਤੋਂ ਮਾਰਚ ਸ਼ੁਰੂ ਕਰਦੇ ਹੋਏ (ਲੈਂਡ ਮੋਰਟਗੇਜ) ਪ੍ਰਾਈਮਰੀ ਐਗਰੀਕਲਚਰ ਡਿਵੈਲਪਮੈਂਟ ਬੈਂਕ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਤੋਂ ਬਾਅਦ ਪੰਚਾਇਤ ਭਵਨ ਚੌਂਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜਤਾਈ ਗਈ।
ਇਸ ਮੌਕੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਪਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਗੁਲਾਬ ਸਿੰਘ ਚੰਦੂ ਮਾਝਾ, ਮੇਜਰ ਸਿੰਘ, ਭਾਰਤੀ ਕਿਸਾਨ ਯੂਨੀਅਨ ਮਾਝਾ ਦੇ ਪ੍ਰਧਾਨ ਬਾਬਾ ਕਵਲਜੀਤ ਸਿੰਘ ਪੰਡੋਰੀ, ਰਜਿੰਦਰ ਸਿੰਘ ਜਫਰਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਸਿਰਸਾ ਤੋਂ ਹਰਦੇਵ ਸਿੰਘ ਚਿੱਟੀ ਨੇ ਧਰਨੇ ਨੂੰ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਲਾਮੀ ਦੇ ਨੋਟਿਸ ਜਾਰੀ ਕਰ ਰਹੀ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕਿਸਾਨ ਭਾਵੇਂ ਛੋਟਾ ਹੋਵੇ ਜਾਂ ਵੱਡਾ, ਉਹ ਸਿਰਫ਼ ਕਿਸਾਨ ਹੈ ਅਤੇ ਉਸ ਨਾਲ ਇੱਕੋ ਜਿਹਾ ਵਤੀਰਾ ਹੋਣਾ ਚਾਹੀਦਾ ਹੈ।
ਕਿਸਾਨ ਆਗੂਆਂ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰੀ ਨੌ ਦੇ ਦੋ ਸਕੇ ਭਰਾ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਤੁਰੰਤ ਇਨਸਾਫ਼ ਦੇਣਾ ਚਾਹੀਦਾ ਹੈ। ਉਹਨਾਂ ਮੰਗ ਕੀਤੀ ਕਿ ਮ੍ਰਿਤਕ ਕਿਸਾਨਾਂ ਦੀਆਂ ਪਤਨੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਸਮੂਹ ਕਰਜ਼ਾ ਮੁਆਫ਼ ਕੀਤਾ ਜਾਵੇ, ਬੱਚਿਆਂ ਦੀ ਮੁਫ਼ਤ ਪੜ੍ਹਾਈ ਅਤੇ ਧੀਆਂ ਦੇ ਵਿਆਹ ਲਈ ਵਿੱਤੀ ਮਦਦ ਦਿੱਤੀ ਜਾਵੇ।

ਇਸ ਦੇ ਨਾਲ ਹੀ ਆਗੂਆਂ ਨੇ ਮੰਗ ਕੀਤੀ ਕਿ ਸੰਬੰਧਿਤ ਬੈਂਕ ਮੈਨੇਜਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸੂਬੇ ਭਰ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਲਾਮੀ ਦੇ ਨੋਟਿਸ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।










