ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 1 ਅਪ੍ਰੈਲ
ਪੰਜਾਬ ਦੀਆਂ ਟਰੇਡ ਯੂਨੀਅਨਾਂ, ਸੰਯੁਕਤ ਕਿਸਾਨ ਮੋਰਚਾ, ਮੁਲਾਜ਼ਮ ਜਥੇਬੰਦੀਆਂ ਅਤੇ ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਅੱਜ ਸਥਾਨਕ ਡਾਕਖਾਨਾ ਚੌਂਕ ਵਿਖੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰੂ ਨਾਨਕ ਪਾਰਕ ਤੋਂ ਡਾਕਖਾਨਾ ਚੌਂਕ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਚਾਰ ਕਿਰਤ ਕੋਡਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਦਰਜ ਕਰਵਾਇਆ ਗਿਆ।

ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਹੋਏ ਇਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਮਜ਼ਦੂਰਾਂ ਦੇ ਹੱਕਾਂ ‘ਤੇ ਸਿੱਧਾ ਹਮਲਾ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਦੇ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦੇ ਜਮਹੂਰੀ ਅਧਿਕਾਰ ਕਮਜ਼ੋਰ ਹੋ ਜਾਣਗੇ ਅਤੇ ਪੱਕੀ ਨੌਕਰੀ ਦੀ ਥਾਂ “ਫਿਕਸਡ ਟਰਮ ਇੰਪਲਾਇਮੈਂਟ” ਨੂੰ ਤਰਜੀਹ ਮਿਲੇਗੀ।
ਉਨ੍ਹਾਂ ਹੋਰ ਕਿਹਾ ਕਿ ਨਵੇਂ ਕਿਰਤ ਕੋਡਾਂ ਨਾਲ ਨੌਕਰੀ ਦੀ ਸੁਰੱਖਿਆ ਘਟੇਗੀ ਅਤੇ ਮਜ਼ਦੂਰਾਂ ਲਈ ਕੰਮ ਦੇ ਘੰਟੇ 8 ਤੋਂ ਵਧਾ ਕੇ 12 ਘੰਟੇ ਤੱਕ ਹੋ ਸਕਦੇ ਹਨ। ਇਸ ਤੋਂ ਇਲਾਵਾ ਘੱਟੋ-ਘੱਟ ਮਜ਼ਦੂਰੀ ਦੇ ਅਧਿਕਾਰ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ ਅਤੇ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਹੱਕਾਂ ਤੋਂ ਵੰਚਿਤ ਕੀਤਾ ਜਾ ਰਿਹਾ ਹੈ।
ਜੱਥੇਬੰਦੀਆਂ ਨੇ ਕਿਹਾ ਕਿ ਇਹ ਕਿਰਤ ਕੋਡ ਭਾਰਤੀ ਸੰਵਿਧਾਨ, ਅੰਤਰਰਾਸ਼ਟਰੀ ਮਜ਼ਦੂਰ ਮਿਆਰਾਂ ਅਤੇ ਮਨੁੱਖੀ ਅਧਿਕਾਰਾਂ ਦੇ ਖਿਲਾਫ਼ ਹਨ ਅਤੇ ਜੇ ਇਹ ਵਾਪਸ ਨਾ ਲਏ ਗਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਜੋਗਿੰਦਰ ਪਾਲ ਪਨਿਆੜ, ਜਸਵੰਤ ਸਿੰਘ ਬੁੱਟਰ, ਵਿਜੇ ਕੁਮਾਰ ਸੋਹਲ, ਸੰਜੀਵ ਸ਼ਰਮਾ, ਬਲਵੀਰ ਸਿੰਘ ਮੱਲੀ, ਧਿਆਨ ਸਿੰਘ ਠਾਕੁਰ, ਮੇਜਰ ਸਿੰਘ ਕੋਟ ਟੋਡਰ ਮੱਲ, ਦਲਬੀਰ ਸਿੰਘ, ਸਤਬੀਰ ਸਿੰਘ ਸੁਲਤਾਨੀ, ਅਸ਼ਵਨੀ ਲਖਨ ਕਲਾਂ, ਲਖਬੀਰ ਸਿੰਘ ਮੰਜਿਆਂਵਾਲੀ, ਸੁਰਿੰਦਰ ਕੁਮਾਰ ਸ਼ਰਮਾ, ਸੰਜੀਵ ਸੈਣੀ, ਤਰਲੋਕ ਸਿੰਘ ਬਹਿਰਾਮਪੁਰ, ਜੋਗਿੰਦਰ ਪਾਲ ਘੁਰਾਲਾ, ਰਾਜਕੁਮਾਰ ਪੰਡੋਰੀ, ਹਰਚਰਨ ਸਿੰਘ ਔਜਲਾ, ਰਾਜਕੁਮਾਰ (ਆਟੋ ਯੂਨੀਅਨ), ਅਵਿਨਾਸ਼ ਸਿੰਘ, ਹਰਚਰਨ ਸਿੰਘ ਅਤੇ ਜਗਜੀਤ ਸਿੰਘ ਨੇ ਸੰਬੋਧਨ ਕੀਤਾ।

ਪ੍ਰਦਰਸ਼ਨ ਦੌਰਾਨ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਆਪਣੇ ਹੱਕਾਂ ਦੀ ਰੱਖਿਆ ਲਈ ਇਕਜੁੱਟ ਰਹਿਣ ਦਾ ਸੰਦੇਸ਼ ਦਿੱਤਾ।










