ਕਿਹਾ ਕਿ ਗਗਨਦੀਪ ਰੰਧਾਵਾ ਦੀ ਮੌਤ ਦੀ ਸੀਬੀਆਈ ਜਾਂਚ ਹੋਵੇਗੀ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਅਮ੍ਰਿਤਸਰ, 5 ਮਾਰਚ
ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਤੋਂ ਕੁਝ ਸਮੇਂ ਬਾਅਦ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਅੰਮ੍ਰਿਤਸਰ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਇਨਸਾਫ਼ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਗਗਨਦੀਪ ਸਿੰਘ ਨੇ ਕਥਿਤ ਤੌਰ ‘ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤੀ ਗਈ ਬੇਇੱਜ਼ਤੀ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜਾਨ ਦੇ ਦਿੱਤੀ ਸੀ ਅਜਿਹੇ ਦੋਸ਼ ਉਨ੍ਹਾਂ ਵੀਡੀਓ ਵਿਚ ਲਗਾਏ ਸਨ ਅਤੇ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਸੀ ਕਿ ਜੇਕਰ ਪੰਜਾਬ ਦੇ ਸਾਰੇ ਸੰਸਦ ਮੈਂਬਰ ਲਿਖਤੀ ਤੌਰ ’ਤੇ ਅਪੀਲ ਕਰਨ ਤਾਂ ਉਹ ਤੁਰੰਤ ਇਸ ਖੁਦਕੁਸ਼ੀ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦੇ ਦੇਣਗੇ। ਇਹ ਮੁੱਦਾ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਉਠਾਇਆ ਗਿਆ ਸੀ, ਜਿਨ੍ਹਾਂ ਨੇ ਦੋਸ਼ ਲਾਇਆ ਸੀ ਕਿ ਮੰਤਰੀ ਦੇ ਦਬਾਅ ਕਾਰਨ ਹੀ ਅਧਿਕਾਰੀ ਨੇ ਅਜਿਹਾ ਕਦਮ ਚੁੱਕਿਆ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵੀ ਸਾਹਮਣੇ ਆਈ ਸੀ ਜਿਸ ਵਿੱਚ ਅਧਿਕਾਰੀ ਨੇ ਆਪਣੀ ਮੌਤ ਲਈ ਲਾਲਜੀਤ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ।
ਰਵਨੀਤ ਬਿੱਟੂ ਨੇ ਦੱਸਿਆ ਕਿ ਭਾਵੇਂ ਪੁਲੀਸ ਨੇ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਉਸ ਦੇ ਪਿਤਾ ਅਤੇ ਇੱਕ ਹੋਰ ਸ਼ੱਕੀ ਦਿਲਬਾਗ ਸਿੰਘ ਅਜੇ ਵੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਨੇ ਪੰਜਾਬ ਪੁਲੀਸ ਦੀ ਕਾਰਵਾਈ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਫੜਨ ਵਿੱਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਵੀ ਅਲੋਚਨਾ ਕੀਤੀ ਕਿ ਉਨ੍ਹਾਂ ਨੇ ਸੀਬੀਆਈ ਜਾਂਚ ਲਈ ਸਾਂਝੀ ਅਪੀਲ ‘ਤੇ ਦਸਤਖਤ ਨਹੀਂ ਕੀਤੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਦੀ ਚੁੱਪ ‘ਤੇ ਵੀ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਨੁਮਾਇੰਦਾ ਪੀੜਤ ਪਰਿਵਾਰ ਦਾ ਹਾਲ ਚਾਲ ਪੁੱਛਣ ਨਹੀਂ ਆਇਆ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।

ਰਵਨੀਤ ਬਿੱਟੂ ਨੇ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਕੋਲ ਆਪਣੇ ਹੀ ਅਧਿਕਾਰੀਆਂ ਲਈ ਸਮਾਂ ਨਹੀਂ ਹੈ। ਉਨ੍ਹਾਂ ਨੇ ਰਾਘਵ ਚੱਢਾ ਦਾ ਜ਼ਿਕਰ ਕਰਦਿਆਂ ਵੀ ਦੋਸ਼ ਲਾਇਆ ਕਿ ਪਾਰਟੀ ਦੇ ਅੰਦਰੂਨੀ ਫੰਡਾਂ ਦੇ ਮਾਮਲੇ ਕਾਰਨ ਉਨ੍ਹਾਂ ਨੂੰ ਰਾਜ ਸਭਾ ਵਿੱਚ ਉਪ-ਨੇਤਾ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਆਗੂਆਂ ਨੂੰ ਨੱਥ ਪਾਉਣ ਵਿੱਚ ਨਾਕਾਮ ਰਹੀ ਹੈ।










