Share & like

ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਗੁੱਸਾ ਜ਼ਾਹਿਰ ਕੀਤਾ

ਲਾਜ਼ਮੀ ਟੈੱਟ ਵਿਰੁੱਧ ਅਧਿਆਪਕਾਂ ਦੀਆਂ ਸੇਵਾਵਾਂ ਸੁਰੱਖਿਅਤ ਕਰਨ ਲਈ ਰਾਜ ਸਭਾ ਵਿੱਚ ਸੰਸਦ ਮੈਂਬਰ ਜੌਹਨ ਬਿਰਟਾਸ ਵਲੋਂ ਪੇਸ਼ ਪ੍ਰਾਈਵੇਟ ਬਿੱਲ ਪਾਸ ਕਰਨ ਦੀ ਮੰਗ

ਰਿਪੋਰਟ: ਰੋਜ਼ਾਨਾ ਖ਼ਬਰ
ਗੁਰਦਾਸਪੁਰ 07 ਅਪਰੈਲ
ਸਾਂਝਾ ਅਧਿਆਪਕ ਮੋਰਚਾ ਅਤੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਗੂਆਂ ਨੇ ਸਰਕਾਰ ਦੀ “ਲਾਰਿਆਂ ਦੀ ਪੰਡ” ਫੂਕ ਕੇ ਆਪਣਾ ਗੁੱਸਾ ਜਾਹਿਰ ਕੀਤਾ।

ਪ੍ਰਦਰਸ਼ਨ ਦੌਰਾਨ ਆਗੂਆਂ ਅਸ਼ਵਨੀ ਫੱਜੂਪੁਰ, ਸੋਮ ਸਿੰਘ, ਕੁਲਦੀਪ ਪੂਰੋਵਾਲ, ਅਨਿਲ ਕੁਮਾਰ ਲਾਹੌਰੀਆ, ਪ੍ਰਭਜੋਤ ਸਿੰਘ, ਰਸ਼ਪਾਲ ਭੁੰਬਲੀ, ਰਵਿੰਦਰਜੀਤ ਪੰਨੂ ਅਤੇ ਗੁਰਮੀਤ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਮਾਮਲੇ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਉਹ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਦੋਸ਼ ਲਗਾਇਆ ਕਿ ਵਿਧਾਨ ਸਭਾ ਵਿੱਚ ਟੈੱਟ ਮਾਮਲੇ ‘ਤੇ ਕੋਈ ਚਰਚਾ ਨਾ ਕਰਨਾ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਨੂੰ ਦਰਸਾਉਂਦਾ ਹੈ, ਜਿਸ ਦੀ ਆਗੂਆਂ ਵੱਲੋਂ ਕੜੀ ਨਿੰਦਾ ਕੀਤੀ ਗਈ।

ਇਸ ਮੌਕੇ ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਰਾਜ ਸਭਾ ਵਿੱਚ ਸੰਸਦ ਮੈਂਬਰ ਜੌਹਨ ਬਿਰਟਾਸ ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤਾ ਪ੍ਰਾਈਵੇਟ ਬਿੱਲ ਤੁਰੰਤ ਪਾਸ ਕੀਤਾ ਜਾਵੇ। ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਮੁਲਾਜ਼ਮਾਂ ਨੂੰ 16 ਫੀਸਦੀ ਬਕਾਇਆ ਮਹਿੰਗਾਈ ਭੱਤਾ ਦੇਣ ਦੇ ਵਾਅਦੇ ਵੀ ਪੂਰੇ ਨਹੀਂ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਹਾਈਕੋਰਟ ਵਿੱਚ ਮਹਿੰਗਾਈ ਭੱਤਾ ਨਾ ਦੇਣ ਸਬੰਧੀ ਆਪਣਾ ਪੱਖ ਰੱਖ ਰਹੀ ਹੈ, ਜੋ ਮੁਲਾਜ਼ਮ ਵਿਰੋਧੀ ਨੀਤੀ ਨੂੰ ਦਰਸਾਉਂਦਾ ਹੈ।

ਅਧਿਆਪਕ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਸਾਰੀਆਂ ਵਿੱਤੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਉਨ੍ਹਾਂ ਤੋਂ ਗੈਰ-ਵਿਦਿਅਕ ਡਿਊਟੀਆਂ ਖਤਮ ਕੀਤੀਆਂ ਜਾਣ। ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ, ਲਵਪ੍ਰੀਤ ਰੋੜਾਂਵਾਲੀ, ਗੁਰਵਿੰਦਰ ਸਿੰਘ ਸੈਣੀ, ਗਗਨ ਬੋਪਾਰਾਏ, ਜੋਤ ਪ੍ਰਕਾਸ਼ ਸਿੰਘ, ਮਨਪ੍ਰੀਤ ਸਿੰਘ, ਸੁਪਿੰਦਰ ਸਿੰਘ, ਅਨਿਲ ਸ਼ਰਮਾ, ਪਵਨ ਕੁਮਾਰ, ਹਰਜੀਤ ਸਿੰਘ, ਸੰਜੀਵ ਕੁਮਾਰ, ਜਗਦੀਪ ਸ਼ਰਮਾ ਅਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।


Share & like

Leave a Reply