Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 11 ਅਪ੍ਰੈਲ
ਮਾਨਯੋਗ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਆਮ ਅਤੇ ਜਿਮਨੀ ਚੋਣਾਂ 2026 ਕਰਵਾਉਣ ਲਈ ਵਿਸਥਾਰਪੂਰਵਕ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ, ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੁਧਾਈ ਦਾ ਕਾਰਜ ਨਿਰਧਾਰਿਤ ਸਮਾਂ-ਸਾਰਣੀ ਅਨੁਸਾਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾ 15 ਅਪ੍ਰੈਲ 2026 ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ ਵੋਟਰ ਆਪਣੇ ਦਾਅਵੇ ਅਤੇ ਇਤਰਾਜ਼ 17 ਅਪ੍ਰੈਲ ਤੋਂ 23 ਅਪ੍ਰੈਲ 2026 ਤੱਕ ਦਰਜ ਕਰਵਾ ਸਕਣਗੇ। ਇਸ ਦੌਰਾਨ 20 ਅਤੇ 21 ਅਪ੍ਰੈਲ ਨੂੰ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰ ਆਪਣੇ ਨਾਮ ਸੂਚੀ ਵਿੱਚ ਸ਼ਾਮਲ ਕਰਵਾ ਸਕਣ।
ਉਨ੍ਹਾਂ ਹੋਰ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ 2026 ਤੱਕ ਕਰ ਦਿੱਤਾ ਜਾਵੇਗਾ ਅਤੇ ਇਸ ਤੋਂ ਬਾਅਦ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਮਈ 2026 ਨੂੰ ਕੀਤੀ ਜਾਵੇਗੀ। ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਲਈ ਯੋਗਤਾ ਮਿਤੀ 23 ਅਪ੍ਰੈਲ 2026 ਨਿਰਧਾਰਿਤ ਕੀਤੀ ਗਈ ਹੈ।
ਇਸ ਸੰਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਉੱਪ ਮੰਡਲ ਮੈਜਿਸਟਰੇਟ-ਕਮ-ਚੋਣ ਰਜਿਸਟ੍ਰੇਸ਼ਨ ਅਫਸਰਾਂ, ਦੀਨਾਨਗਰ, ਗੁਰਦਾਸਪੁਰ, ਬਟਾਲਾ ਅਤੇ ਫਤਹਿਗੜ੍ਹ ਚੂੜੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦੀ ਤਿਆਰੀ ਅਤੇ ਅੱਪਡੇਟ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਚੋਣ ਕਮਿਸ਼ਨ ਵੱਲੋਂ ਲੋੜੀਂਦਾ ਡਾਟਾ ਜ਼ਿਲ੍ਹਾ ਦਫ਼ਤਰ ਨੂੰ ਪ੍ਰਾਪਤ ਹੋ ਚੁੱਕਾ ਹੈ ਅਤੇ ਸਬੰਧਿਤ ਅਧਿਕਾਰੀਆਂ ਨੂੰ ਇਹ ਡਾਟਾ ਤੁਰੰਤ ਪ੍ਰਾਪਤ ਕਰਕੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ।


Share & like

Leave a Reply