ਰੋਜ਼ਾਨਾ ਖ਼ਬਰ
ਨਵੀਂ ਦਿੱਲੀ, 24 ਅਪ੍ਰੈਲ
ਆਮ ਆਦਮੀ ਪਾਰਟੀ (AAP) ਨੂੰ ਅੱਜ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਰਾਜ ਸਭਾ ਦੇ ਕਈ ਪ੍ਰਮੁੱਖ ਮੈਂਬਰਾਂ ਨੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਨੇ ਇਕੱਠੇ ਹੋ ਕੇ ਭਾਜਪਾ ਦਾ ਦਾਮਨ ਫੜ ਲਿਆ ਹੈ। ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਰਾਜ ਸਭਾ ਵਿੱਚ ਆਪ ਦੇ ਦੋ-ਤਿਹਾਈ ਮੈਂਬਰਾਂ ਨੇ ਸੰਵਿਧਾਨਕ ਪ੍ਰਾਵਧਾਨਾਂ ਦਾ ਸਹਾਰਾ ਲੈਂਦੇ ਹੋਏ ਅਧਿਕਾਰਤ ਤੌਰ ‘ਤੇ ਅਭੇਦ (split) ਦਾ ਐਲਾਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਫੈਸਲੇ ਵਿੱਚ ਉਨ੍ਹਾਂ ਦੇ ਨਾਲ Harbhajan Singh, Vikram Sahney, Swati Maliwal ਅਤੇ Rajinder Gupta ਵੀ ਸ਼ਾਮਲ ਹਨ।
ਰਾਘਵ ਚੱਢਾ ਨੇ ਕਿਹਾ ਕਿ ਇਹ ਫੈਸਲਾ ਦੇਸ਼ ਦੇ ਵੱਡੇ ਹਿੱਤ ਅਤੇ ਮਜ਼ਬੂਤ ਨੀਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਕਦਮ ਸੰਵਿਧਾਨਕ ਤੌਰ ‘ਤੇ ਪੂਰੀ ਤਰ੍ਹਾਂ ਜਾਇਜ਼ ਹੈ ਅਤੇ ਸਾਰੇ ਨਿਯਮਾਂ ਦੀ ਪਾਲਣਾ ਕਰਦਾ ਹੈ। ਸਿਆਸੀ ਵਿਸ਼ਲੇਸ਼ਕ ਇਸਨੂੰ ਪਾਰਟੀ ਲਈ ਵੱਡਾ ਝਟਕਾ ਮੰਨ ਰਹੇ ਹਨ। ਇਸ ਘਟਨਾ ਨਾਲ ਰਾਜ ਸਭਾ ਵਿੱਚ ਸਿਆਸੀ ਸਮੀਕਰਨਾਂ ‘ਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਪ੍ਰਭਾਵ ਕੌਮੀ ਰਾਜਨੀਤੀ ‘ਤੇ ਵੀ ਪੈ ਸਕਦਾ ਹੈ।
ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਦੇ ਪਾਰਟੀ ਛੱਡਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਮਾਨ ਨੇ ਕਿਹਾ ਕਿ ਜਦੋਂ ਵਿਰੋਧੀਆਂ ਨੂੰ ਉਨ੍ਹਾਂ ਦੇ ਖ਼ਿਲਾਫ਼ ਕੁਝ ਨਹੀਂ ਲੱਭਿਆ ਤਾਂ ਉਨ੍ਹਾਂ ਨੇ ‘ਆਪ’ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਅਜੇ ਵੀ ਪਾਰਟੀ ਦੇ ਨਾਲ ਹਨ ਅਤੇ ਉਹ ਮਜ਼ਬੂਤੀ ਨਾਲ ‘ਆਪ’ ਦੇ ਹੱਕ ਵਿੱਚ ਖੜ੍ਹੇ ਹਨ।

ਮੁੱਖ ਮੰਤਰੀ ਨੇ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਨੂੰ ਪੰਜਾਬ ਦੇ ‘ਗੱਦਾਰ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜੋ 6-7 ਲੋਕ ਪਾਰਟੀ ਛੱਡ ਕੇ ਗਏ ਹਨ, ਉਨ੍ਹਾਂ ਨਾਲ ਪੰਜਾਬ ਖ਼ਤਮ ਨਹੀਂ ਹੁੰਦਾ, ਕਿਉਂਕਿ ਪਾਰਟੀ ਕਿਸੇ ਵੀ ਵਿਅਕਤੀ ਨਾਲੋਂ ਵੱਡੀ ਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਡਾ ਜਥੇਬੰਦਕ ਢਾਂਚਾ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਇਨ੍ਹਾਂ ਲੋਕਾਂ ਦੇ ਜਾਣ ਨਾਲ ਪਾਰਟੀ ‘ਤੇ ਕੋਈ ਅਸਰ ਨਹੀਂ ਪਵੇਗਾ।










