Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 26 ਅਪਰੈਲ
ਅੱਜ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵੱਲੋਂ ਬੀਤੀ ਫਰਵਰੀ ਵਿੱਚ ਪੁਲਿਸ ਦੇ ਕਥਿਤ ਝੂਠੇ ਮੁਕਾਬਲੇ ਵਿੱਚ ਮਾਰੇ ਗਏ ਆਧੀਆਂ ਪਿੰਡ ਦੇ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸਾਊਦੀ ਅਰਬ ਤੋਂ ਲਗਭਗ 10 ਸਾਲ ਬਾਅਦ ਵਾਪਸ ਪਰਤੇ ਉਸਦੇ ਪਿਤਾ ਬਿਕਰਮਜੀਤ ਸਿੰਘ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਦੌਰਾਨ ਆਗੂਆਂ ਨੇ ਰਣਜੀਤ ਸਿੰਘ ਦੇ ਮਾਮਲੇ ਸਬੰਧੀ Punjab and Haryana High Court ਵਿੱਚ ਚੱਲ ਰਹੇ ਕੇਸ ਦੇ ਕਾਨੂੰਨੀ ਪੱਖਾਂ ‘ਤੇ ਚਰਚਾ ਕਰਦੇ ਹੋਏ ਪਰਿਵਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਦਾਲਤ ਤੋਂ ਨਿਆਂ ਪ੍ਰਾਪਤ ਕਰਨ ਲਈ ਭਵਿੱਖ ਵਿੱਚ ਹਰ ਪੱਧਰ ‘ਤੇ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਕਿਸਾਨ ਆਗੂ ਹਰਵਿੰਦਰ ਸਿੰਘ ਮੱਲੀ, ਅਸ਼ਵਨੀ ਕੁਮਾਰ (ਲੱਖਣ ਕਲਾਂ), ਜਗਜੀਤ ਸਿੰਘ ਆਲੂਣਾ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਸਮੇਤ ਹੋਰ ਆਗੂ ਹਾਜ਼ਰ ਸਨ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਜਥੇਬੰਦੀਆਂ ਪਰਿਵਾਰ ਦੇ ਨਾਲ ਖੜੀਆਂ ਹਨ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੱਕ ਲੜਾਈ ਜਾਰੀ ਰਹੇਗੀ।
ਪਰਿਵਾਰਕ ਮੈਂਬਰਾਂ ਨੇ ਵੀ ਦਲੇਰੀ ਦਿਖਾਉਂਦਿਆਂ ਕਿਹਾ ਕਿ ਭਾਵੇਂ ਉਹਨਾਂ ਨੇ ਆਪਣਾ ਪੁੱਤਰ ਗੁਆ ਦਿੱਤਾ ਹੈ, ਪਰ ਉਹ ਕਿਸੇ ਵੀ ਕੀਮਤ ‘ਤੇ ਦੋਸ਼ੀਆਂ ਨਾਲ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਦੋਸ਼ੀ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਹ ਨਾ ਪਹਿਲਾਂ ਡਿਗੇ ਸਨ ਅਤੇ ਨਾ ਹੀ ਅੱਗੇ ਡਿਗਣਗੇ।

ਉਨ੍ਹਾਂ ਨੇ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਿਹਾ ਤਾਂ ਉਹ ਹਰ ਹਾਲਤ ਵਿੱਚ ਕੇਸ ਦੀ ਪੈਰਵੀ ਕਰਦੇ ਹੋਏ ਦੋਸ਼ੀਆਂ ਨੂੰ ਕਾਨੂੰਨੀ ਸਜ਼ਾ ਦਿਵਾਉਣਗੇ।


Share & like

Leave a Reply