Share & like

ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪ ਕੇ ਝੂਠਾ ਪਰਚਾ ਰੱਦ ਕਰਨ ਅਤੇ ਨਿਰਪੱਖ ਜਾਂਚ ਦੀ ਕੀਤੀ ਮੰਗ, ਇਕਤਰਫਾ ਕਾਰਵਾਈ ਕਰਨ ‘ਤੇ ਸੰਘਰਸ਼ ਦੀ ਚੇਤਾਵਨੀ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 28 ਅਪਰੈਲ
ਬਲਾਕ ਦੋਰਾਂਗਲਾ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਗੰਜੀ ਦੇ ਅਧਿਆਪਕ ’ਤੇ ਸਕੂਲੀ ਬੱਚੇ ਨਾਲ ਕਥਿਤ ਤੌਰ ‘ਤੇ ਕੁੱਟਮਾਰ ਦੇ ਲਗੇ ਦੋਸ਼ਾਂ ਦੇ ਮਾਮਲੇ ਵਿੱਚ ਅਧਿਆਪਕ ਜਥੇਬੰਦੀਆਂ ਅਧਿਆਪਕ ਦੇ ਹੱਕ ਵਿੱਚ ਆ ਗਈਆਂ ਹਨ।
ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਖ਼ਬਰਾਂ ਇੱਕ ਪਾਸੜੇ ਹਨ ਅਤੇ ਉਨ੍ਹਾਂ ਵਿੱਚ ਕੋਈ ਪੂਰੀ ਸਚਾਈ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਨਾਂ ਪੂਰੀ ਜਾਂਚ ਤੋਂ ਅਧਿਆਪਕ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਅਧਿਆਪਕ ਆਗੂਆਂ ਨੇ ਅੱਜ ਬਲਾਕ ਦੋਰਾਂਗਲਾ ਦੇ
ਬੀਪੀਈਓ ਨਰੇਸ਼ ਕੁਮਾਰ ਨੂੰ ਮੰਗ-ਪੱਤਰ ਦਿੰਦਿਆਂ ਅਧਿਆਪਕ ਆਗੂ ਬਲਵਿੰਦਰ ਕੌਰ ਰਾਵਲਪਿੰਡੀ, ਜੋਤ ਪ੍ਰਕਾਸ਼ ਸਿੰਘ ਅਤੇ ਸਰਵਣ ਸਿੰਘ ਨੇ ਦੱਸਿਆ ਕਿ ਸਬੰਧਤ ਅਧਿਆਪਕ ਸੰਦੀਪ ਸ਼ਰਮਾ ਪਿਛਲੇ 18 ਸਾਲਾਂ ਤੋਂ ਬਲਾਕ ਵਿੱਚ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਕਦੇ ਕੋਈ ਸ਼ਿਕਾਇਤ ਸਾਹਮਣੇ ਨਹੀਂ ਆਈ ਹੈ।
ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬੱਚੇ ਦੇ ਮਾਪਿਆਂ ਨੂੰ ਉਕਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲੀਅਤ ਸਾਹਮਣੇ ਲਿਆਉਣ ਲਈ ਮਾਮਲੇ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ। ਅਧਿਆਪਕ ਆਗੂਆਂ ਚੇਤਾਵਨੀ ਦਿੱਤੀ ਕਿ ਜੇਕਰ ਬਿਨਾਂ ਜਾਂਚ ਤੋਂ ਅਧਿਆਪਕ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤਾਂ ਸਮੂਹ ਅਧਿਆਪਕ ਇਨਸਾਫ਼ ਲਈ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਅਧਿਆਪਕ ਆਗੂਆਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਟੀਆਰਪੀ ਲਈ ਇਕ ਪੱਖੀ ਖਬਰਾਂ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਅਧਿਆਪਕ-ਵਿਦਿਆਰਥੀ ਰਿਸ਼ਤੇ ਨੂੰ ਮਜ਼ਬੂਤ ਬਣਾਉਣ ਵਿੱਚ ਸਕਾਰਾਤਮਕ ਭੂਮਿਕਾ ਨਿਭਾਈ ਜਾਵੇ।

ਇਸ ਮੌਕੇ ਮਨਜੀਤ ਸਿੰਘ, ਸਤਿੰਦਰ ਕੁਮਾਰ, ਦਵਿੰਦਰਜੀਤ ਸਿੰਘ, ਬਲਜੀਤ ਸਿੰਘ, ਗਗਨ ਹਾਂਡਾ, ਦਲਜੀਤ ਸਿੰਘ, ਸੰਦੀਪ ਕੁਮਾਰ, ਅਜੀਬ ਸਿੰਘ, ਹਰਪ੍ਰੀਤ ਸਿੰਘ, ਜਗਮੋਹਨ, ਅਮਨਦੀਪ ਕੌਰ, ਸਰਬਜੀਤ ਕੌਰ, ਪੂਨਮ ਕਲਸੀ, ਰਮਨਦੀਪ ਕੌਰ, ਨਿਰਮਲ ਕੌਰ ਅਤੇ ਕਿਰਨ ਠਾਕੁਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ।


Share & like

Leave a Reply