Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 29 ਅਪਰੈਲ: ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਚੱਲ ਰਹੀ ਮੰਗ ਦੇ ਵਿਰੋਧ ਵਿੱਚ ਗੁਰਦਾਸਪੁਰ ਬਾਰ ਕੌਂਸਲ ਦੇ ਵਕੀਲਾਂ ਵੱਲੋਂ ਦੋ ਦਿਨਾ ਹੜਤਾਲ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਕੀਲਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਦੇ ਹੋਏ ਡੀਸੀ ਗੁਰਦਾਸਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ-ਪੱਤਰ ਵੀ ਸੌਂਪਿਆ।
ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਬਾਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਰਾਜਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਹੀ ਗੁਰਦਾਸਪੁਰ ਜ਼ਿਲ੍ਹੇ ਤੋਂ ਪਠਾਨਕੋਟ ਨੂੰ ਵੱਖਰਾ ਕਰਕੇ ਨਵਾਂ ਜ਼ਿਲ੍ਹਾ ਬਣਾਇਆ ਜਾ ਚੁੱਕਾ ਹੈ, ਜਿਸ ਨਾਲ ਗੁਰਦਾਸਪੁਰ ਦਾ ਭੂਗੋਲਿਕ ਅਤੇ ਪ੍ਰਸ਼ਾਸਨਿਕ ਮਹੱਤਵ ਘਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸਨੂੰ ਗੁਰਦਾਸਪੁਰ ਦੇ ਲੋਕ ਅਤੇ ਵਕੀਲ ਭਾਈਚਾਰਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ।
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸਿਆਸੀ ਸੁਆਰਥਾਂ ਦੀ ਪੂਰਤੀ ਲਈ ਗੁਰਦਾਸਪੁਰ ਜ਼ਿਲ੍ਹੇ ਨੂੰ ਤੋੜਨ ਦੀ ਸਾਜ਼ਿਸ਼ ਕਰ ਰਹੀ ਹੈ। ਵਕੀਲਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਹੇਰਾਫੇਰੀ ਰਾਹੀਂ ਚੋਣਾਵੀ ਲਾਭ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

ਵਕੀਲਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰਦਾਸਪੁਰ ਜ਼ਿਲ੍ਹੇ ਦੀ ਵੰਡ ਦੇ ਕਿਸੇ ਵੀ ਯਤਨ ਨੂੰ ਕਦੇ ਮਨਜ਼ੂਰ ਨਹੀਂ ਕੀਤਾ ਜਾਵੇਗਾ।


Share & like

Leave a Reply