ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 2 ਮਈ
ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਪੁੱਤਰ ਫੌਜੀ ਬਲਵਿੰਦਰ ਸਿੰਘ, ਜੋ ਦਸੂਹਾ (ਜ਼ਿਲ੍ਹਾ ਹੁਸ਼ਿਆਰਪੁਰ) ਦੇ ਇੱਕ ਨਾਮੀ ਨਿੱਜੀ ਸਕੂਲ ਵਿੱਚ ਪੜ੍ਹਦਾ ਸੀ, ਨੇ ਸਕੂਲ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਸਖ਼ਤ ਸਜ਼ਾ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ।
ਪਿੰਡ ਵਾਸੀ ਜਗਜੀਤ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਦਿਨ ਪਹਿਲਾਂ ਸਕੂਲ ਵਿੱਚ ਕਿਸੇ ਮਾਮੂਲੀ ਗਲਤੀ ਕਾਰਨ ਨਵਜੋਤ ਨੂੰ ਸਜ਼ਾ ਦੇ ਤੌਰ ‘ਤੇ ਕਾਫ਼ੀ ਸਮੇਂ ਤੱਕ ਧੁੱਪ ਵਿੱਚ ਖੜ੍ਹਾ ਰੱਖਿਆ ਗਿਆ ਸੀ। ਇਸ ਘਟਨਾ ਤੋਂ ਬਾਅਦ ਉਹ ਕਾਫ਼ੀ ਦੁਖੀ ਅਤੇ ਨਮੋਸ਼ੀ ਮਹਿਸੂਸ ਕਰ ਰਿਹਾ ਸੀ।
ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਤਿੰਨ ਦਿਨ ਇਲਾਜ ਅਧੀਨ ਰਹਿਣ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਇਸ ਦਰਦਨਾਕ ਘਟਨਾ ਤੋਂ ਬਾਅਦ ਇਲਾਕੇ ਵਿੱਚ ਗੁੱਸੇ ਅਤੇ ਦੁੱਖ ਦਾ ਮਾਹੌਲ ਹੈ। ਲੋਕਾਂ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।










