Share & like

ਬਾਗ਼ੀ ਰਾਜ ਸਭਾ ਮੈਂਬਰਾਂ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਨਵੀਂ ਦਿੱਲੀ, 5 ਮਈ
ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਇਕ ਵਫ਼ਦ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਰਾਘਵ ਚੱਢਾ, ਸੰਦੀਪ ਪਾਠਕ, ਰਾਜਿੰਦਰ ਗੁਪਤਾ ਅਤੇ ਅਸ਼ੋਕ ਮਿੱਤਲ ਸ਼ਾਮਲ ਸਨ। ਵਫ਼ਦ ਨੇ ਰਾਸ਼ਟਰਪਤੀ ਕੋਲ ਦੋਸ਼ ਲਗਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਉਨ੍ਹਾਂ ਖ਼ਿਲਾਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ।
ਮੁਲਾਕਾਤ ਤੋਂ ਬਾਅਦ ਰਾਘਵ ਚੱਢਾ ਨੇ ਸੋਸ਼ਲ ਮੀਡੀਆ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਇੱਕ ਸਿਆਸੀ ਪਾਰਟੀ ਵਾਂਗ ਨਹੀਂ, ਸਗੋਂ “ਧੋਖਾ ਖਾਧੇ ਪ੍ਰੇਮੀ” ਵਾਂਗ ਵਿਵਹਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਕੌੜਾਹਟ ਅਤੇ ਬਦਲਾਖੋਰੀ ਦੀ ਰਾਜਨੀਤੀ ਵਿੱਚ ਡੁੱਬ ਚੁੱਕੀ ਹੈ ਅਤੇ ਸੱਚਾਈ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ।
ਚੱਢਾ ਨੇ ਕਿਹਾ, “ਜਿਹੜੀ ਪਾਰਟੀ ਕਦੇ ਖੁਦ ਸਿਆਸੀ ਬਦਲਾਖੋਰੀ ਦਾ ਰੋਣਾ ਰੋਂਦੀ ਸੀ, ਅੱਜ ਉਹੀ ਇਸ ਦਾ ਸਭ ਤੋਂ ਖ਼ਤਰਨਾਕ ਰੂਪ ਅਪਣਾ ਰਹੀ ਹੈ। ਅਸੀਂ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ ਹੈ ਕਿ ਦੋ-ਤਿਹਾਈ ਬਹੁਮਤ ਨਾਲ ਭਾਜਪਾ ਵਿੱਚ ਰਲੇਵੇਂ ਦੇ ਸੰਵਿਧਾਨਕ ਫ਼ੈਸਲੇ ਤੋਂ ਬਾਅਦ ਸਾਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।”
ਉਨ੍ਹਾਂ ਦਾਅਵਾ ਕੀਤਾ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਸੰਵਿਧਾਨਕ ਅਧਿਕਾਰਾਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ।

ਗੌਰਤਲਬ ਹੈ ਕਿ ਇਹ ਮੁਲਾਕਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਸ਼ਟਰਪਤੀ ਨਾਲ ਹੋਣ ਵਾਲੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਹੋਈ, ਜਿਸ ਕਾਰਨ ਸਿਆਸੀ ਹਲਕਿਆਂ ਵਿੱਚ ਇਸਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।


Share & like

Leave a Reply