Share & like

ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ 7 ਰਾਜ ਸਭਾ ਮੈਂਬਰਾਂ ਦੀ ਦਲ-ਬਦਲੀ ਨੂੰ ਦੱਸਿਆ ‘ਲੋਕਤੰਤਰ ਦਾ ਕਤਲ’

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਨਵੀਂ ਦਿੱਲੀ, 5 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਭਾਜਪਾ ਵਿੱਚ ਸ਼ਾਮਿਲ ਹੋਣ ਦੇ ਮਾਮਲੇ ਨੂੰ ਗੰਭੀਰ ਸੰਵਿਧਾਨਕ ਮਸਲਾ ਕਰਾਰ ਦਿੱਤਾ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਇਹ ਸਿਰਫ਼ ਇਕ ਪਾਰਟੀ ਦਾ ਮਾਮਲਾ ਨਹੀਂ, ਸਗੋਂ ਲੋਕਤੰਤਰ ਅਤੇ ਲੋਕਾਂ ਦੇ ਫ਼ਤਵੇ ਉੱਤੇ ਸਿੱਧਾ ਹਮਲਾ ਹੈ।

ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਦੋਸ਼ ਲਾਇਆ ਕਿ ਈਡੀ ਅਤੇ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੰਸਦ ਮੈਂਬਰਾਂ ਨੇ ਪਾਰਟੀ ਛੱਡੀ ਹੈ, ਉਨ੍ਹਾਂ ਦੀ ਮੈਂਬਰੀ ਤੁਰੰਤ ਰੱਦ ਹੋਣੀ ਚਾਹੀਦੀ ਹੈ ਕਿਉਂਕਿ ਇਹ ਲੋਕਾਂ ਦੇ ਭਰੋਸੇ ਨਾਲ ਧੋਖਾ ਹੈ।
ਭਾਜਪਾ ਦੇ ‘ਅਗਲਾ ਨਿਸ਼ਾਨਾ ਪੰਜਾਬ’ ਬਿਆਨ ’ਤੇ ਤਿੱਖਾ ਜਵਾਬ
ਭਾਜਪਾ ਆਗੂਆਂ ਵੱਲੋਂ ਪੰਜਾਬ ਨੂੰ ਅਗਲਾ ਨਿਸ਼ਾਨਾ ਦੱਸਣ ਵਾਲੇ ਬਿਆਨਾਂ ’ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ, “ਪੰਜਾਬ ਕੋਈ ਟਰੱਕ ਨਹੀਂ ਜਿਸ ਨੂੰ ਕੋਈ ਵੀ ਆ ਕੇ ਚਲਾਉਣ ਲੱਗ ਪਵੇ। ਇਹ ਉਹ ਧਰਤੀ ਹੈ ਜਿਸ ਨੇ ਦੇਸ਼ ਲਈ ਹਰ ਮੁਸੀਬਤ ਵੇਲੇ ਸਭ ਤੋਂ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਹਨ।”
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਗ਼ਦਦਾਰੀ ਨੂੰ ਕਦੇ ਬਰਦਾਸ਼ਤ ਨਹੀਂ ਕਰਦੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਨੂੰ ਇਸਦਾ ਜਵਾਬ ਮਿਲੇਗਾ। ਮਾਨ ਨੇ ਦਾਅਵਾ ਕੀਤਾ ਕਿ ਇਸ ਵੇਲੇ ਪੰਜਾਬ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ ਅਤੇ ਅਗਲੀਆਂ ਚੋਣਾਂ ਵਿੱਚ ਇਹ ਗਿਣਤੀ ‘ਜ਼ੀਰੋ’ ਤੱਕ ਵੀ ਪਹੁੰਚ ਸਕਦੀ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਵੀ ਆਪਣਾ ਗੁੱਸਾ ਜ਼ਾਹਰ ਕਰਦਿਆਂ ਲਿਖਿਆ ਕਿ 7 ਸੰਸਦ ਮੈਂਬਰਾਂ ਦਾ ਦਲ-ਬਦਲ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਮੰਡੇਟ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਆਖ਼ਰੀ ਸਾਹ ਤੱਕ ਲੜੇਗੀ।

ਜ਼ਿਕਰਯੋਗ ਹੈ ਕਿ 24 ਅਪਰੈਲ ਨੂੰ ‘ਆਪ’ ਦੇ 10 ਵਿੱਚੋਂ 7 ਰਾਜ ਸਭਾ ਮੈਂਬਰ—ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜਿੰਦਰ ਗੁਪਤਾ, ਵਿਕਰਮਜੀਤ ਸਾਹਨੀ ਅਤੇ ਸਵਾਤੀ ਮਾਲੀਵਾਲ—ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਇਨ੍ਹਾਂ ਵਿੱਚੋਂ 6 ਮੈਂਬਰ ਪੰਜਾਬ ਨਾਲ ਸਬੰਧਤ ਦੱਸੇ ਜਾ ਰਹੇ ਹਨ।


Share & like

Leave a Reply