ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 07 ਮਈ :
ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਭਰ ਦੇ ਸਫਾਈ ਕਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ। ਧਾਰੀਵਾਲ ਵਿੱਚ ਕੱਚੇ ਅਤੇ ਪੱਕੇ ਸਮੂਹ ਸਫਾਈ ਕਰਮਚਾਰੀਆਂ ਨੇ ਕੰਮਕਾਜ ਬੰਦ ਕਰਕੇ ਧਰਨਾ ਦਿੱਤਾ, ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮਨੀਸ਼ ਗਿੱਲ ਨੇ ਕੀਤੀ। ਇਸੇ ਤਰ੍ਹਾਂ ਕਾਦੀਆਂ, ਡੇਰਾ ਬਾਬਾ ਨਾਨਕ, ਦੀਨਾਨਗਰ ਅਤੇ ਗੁਰਦਾਸਪੁਰ ਵਿੱਚ ਵੀ ਸਫਾਈ ਸੇਵਕਾਂ ਵੱਲੋਂ ਸੰਪੂਰਨ ਹੜਤਾਲ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨੀਸ਼ ਗਿੱਲ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਪੰਜਾਬ ਭਰ ਦੇ ਸਫਾਈ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਹੜਤਾਲ ਉਸ ਸਮੇਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਮਨਜ਼ੂਰ ਨਹੀਂ ਕਰਦੀ।
ਆਗੂਆਂ ਨੇ ਮੰਗ ਕੀਤੀ ਕਿ ਕੱਚੀ ਅਤੇ ਠੇਕਾ ਪ੍ਰਣਾਲੀ ਨੂੰ ਖਤਮ ਕਰਕੇ ਆਊਟਸੋਰਸ ਰਾਹੀਂ ਕੰਮ ਕਰ ਰਹੇ ਕਰਮਚਾਰੀਆਂ ਨੂੰ ਵਿਭਾਗ ਅਧੀਨ ਰੈਗੂਲਰ ਕੀਤਾ ਜਾਵੇ। ਇਸ ਤੋਂ ਇਲਾਵਾ 10 ਸਾਲਾ ਪਾਲਿਸੀ ਰੱਦ ਕਰਕੇ ਦਰਜਾ ਚਾਰ ਕਰਮਚਾਰੀਆਂ ਨੂੰ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਪੱਕਾ ਕਰਨ, 23 ਜੂਨ 2021 ਦੇ ਨੋਟੀਫਿਕੇਸ਼ਨ ਅਨੁਸਾਰ ਬਾਕੀ ਰਹਿੰਦੇ ਆਊਟਸੋਰਸ ਕਰਮਚਾਰੀਆਂ ਨੂੰ ਤੁਰੰਤ ਵਿਭਾਗ ਅਧੀਨ ਕਰਨ, ਯੂ.ਪੀ.ਐੱਸ. ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਨਗਰ ਪੰਚਾਇਤਾਂ ਵਿੱਚ ਈ.ਪੀ.ਐੱਫ. ਸਕੀਮ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ।

ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।










