ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਅੰਮ੍ਰਿਤਸਰ, 7 ਮਈ
ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅੰਮ੍ਰਿਤਸਰ ਫੇਰੀ ਦੌਰਾਨ ਹਜ਼ਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਨੇ ਕਾਲੇ ਝੰਡੇ ਦਿਖਾ ਕੇ ਜਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ। ਭਾਵੇਂ ਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ’ਤੇ ਸੜਕਾਂ ਬੰਦ ਕਰਕੇ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਨੈਸ਼ਨਲ ਹਾਈਵੇ ਤੱਕ ਪਹੁੰਚਣ ਵਿੱਚ ਕਾਮਯਾਬ ਰਹੇ।

ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਲੋਕਾਂ ਦੇ ਹੱਕਾਂ ਦਾ ਘਾਣ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੇ ਅਸਲ ਮਸਲਿਆਂ ਤੋਂ ਧਿਆਨ ਹਟਾਉਣ ਲਈ “ਸ਼ੁਕਰਾਨਾ ਯਾਤਰਾ” ਵਰਗੇ ਪ੍ਰੋਗਰਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਮੁੱਖ ਮੰਤਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਮੋਰਚਿਆਂ ਦੌਰਾਨ ਹੋਈ ਟਰਾਲੀ ਚੋਰੀ ਅਤੇ ਹੋਏ ਕਰੀਬ 3 ਕਰੋੜ 77 ਲੱਖ ਰੁਪਏ ਦੇ ਨੁਕਸਾਨ ਬਾਰੇ ਸਵਾਲ ਪੁੱਛੇ ਜਾਣਗੇ।
ਮੋਰਚੇ ਦੇ ਆਗੂਆਂ ਅਨੁਸਾਰ ਪਿੰਡ ਟਾਹਲੀ ਸਾਹਿਬ, ਜੱਬੋਵਾਲ, ਵੰਨਚੜੀ ਅਤੇ ਬੰਡਾਲਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ਵੱਲ ਵਧੇ, ਪਰ ਰਸਤੇ ਵਿੱਚ ਟਿੱਪਰਾਂ, ਪ੍ਰਾਈਵੇਟ ਬੱਸਾਂ ਅਤੇ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਰੋਕ ਲਗਾਈ ਗਈ। ਇਸ ਦੇ ਬਾਵਜੂਦ ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਕਈ

ਪ੍ਰਦਰਸ਼ਨਕਾਰੀ ਹਾਈਵੇ ਤੱਕ ਪਹੁੰਚ ਗਏ ਅਤੇ ਮੁੱਖ ਮੰਤਰੀ ਦੇ ਕਾਫਲੇ ਨੂੰ ਕਾਲੇ ਝੰਡੇ ਦਿਖਾ ਕੇ “ਟਰਾਲੀ ਚੋਰਾਂ ਦੀ ਸਰਕਾਰ ਮੁਰਦਾਬਾਦ” ਦੇ ਨਾਅਰੇ ਲਗਾਏ।
ਆਗੂਆਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨ ਦੀ ਬਜਾਏ ਬਿਨਾਂ ਰੁਕੇ ਕਾਫਲੇ ਸਮੇਤ ਅੱਗੇ ਨਿਕਲ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਤਰਨਤਾਰਨ ਲਈ ਰਵਾਨਾ ਹੋਣ ਤੋਂ ਬਾਅਦ ਵੀ ਕਿਸਾਨਾਂ ਨੂੰ ਕਈ ਘੰਟਿਆਂ ਤੱਕ ਰੋਕਿਆ ਗਿਆ, ਜਿਸ ਦੌਰਾਨ ਪੁਲਿਸ ਨਾਲ ਤਿੱਖੀ ਬਹਿਸਬਾਜ਼ੀ ਅਤੇ ਹਲਕੀਆਂ ਝੜਪਾਂ ਵੀ ਹੋਈਆਂ।
ਕਿਸਾਨ ਆਗੂਆਂ ਨੇ ਕਿਹਾ ਕਿ ਐੱਸਐੱਸਪੀ ਅੰਮ੍ਰਿਤਸਰ ਨਾਲ ਹੋਈ ਮੀਟਿੰਗ ਦੌਰਾਨ ਪ੍ਰਸ਼ਾਸਨ ਵੱਲੋਂ “ਸੁਰੱਖਿਆ ਖ਼ਤਰੇ” ਦਾ ਹਵਾਲਾ ਦਿੱਤਾ ਗਿਆ ਸੀ, ਪਰ ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨ ਮਜ਼ਦੂਰ ਮੋਰਚਾ ਹਮੇਸ਼ਾ ਸ਼ਾਂਤਮਈ ਸੰਘਰਸ਼ ਕਰਦਾ ਆ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ ਜਨਤਕ ਜਥੇਬੰਦੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਜ਼ਿਲ੍ਹਾ ਆਗੂਆਂ ਰਣਜੀਤ ਸਿੰਘ ਕਲੇਰ ਬਾਲਾ, ਬਾਜ਼ ਸਿੰਘ ਸਾਰੰਗੜਾ ਅਤੇ ਗੁਰਦੇਵ ਸਿੰਘ ਗੱਗੋਮਾਹਲ ਨੇ ਕਿਹਾ ਕਿ ਸਰਕਾਰ ਕੋਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਮਸਲਿਆਂ ਦਾ ਕੋਈ ਠੋਸ ਹੱਲ ਨਹੀਂ ਹੈ ਅਤੇ ਸਿਰਫ਼ ਪ੍ਰਚਾਰ ਰਾਹੀਂ ਆਪਣੀ ਨਾਕਾਮੀ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮੁੱਖ ਮੰਤਰੀ ਦੇ ਹਰ ਦੌਰੇ ਦੌਰਾਨ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।










