Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 9 ਮਈ
ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਸਮੂਹ ਸਬ ਡਵੀਜ਼ਨਲ ਮੈਜਿਸਟਰੇਟਾਂ, ਖੇਤੀਬਾੜੀ ਵਿਭਾਗ ਅਤੇ ਹੋਰ ਸਬੰਧਤ ਅਧਿਕਾਰੀਆਂ ਵੱਲੋਂ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਵੱਲੋਂ ਖੇਤਾਂ ਵਿੱਚ ਲੱਗੀ ਅੱਗ ਨੂੰ ਤੁਰੰਤ ਬੁਝਾਉਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਰਣਧੀਰ ਠਾਕਰ ਨੇ ਦੱਸਿਆ ਕਿ ਕਿਸਾਨਾਂ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ ਹੈ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਸਾੜਨ ਦੀ ਬਜਾਏ ਇਸ ਨੂੰ ਖੇਤਾਂ ਵਿੱਚ ਮਿਲਾਇਆ ਜਾਵੇ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵਧੇ, ਫਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇ ਅਤੇ ਖਾਦਾਂ ‘ਤੇ ਹੋਣ ਵਾਲਾ ਖਰਚ ਘਟ ਸਕੇ। ਉਨ੍ਹਾਂ ਕਿਹਾ ਕਿ ਨਾੜ ਸਾੜਨ ਨਾਲ ਜ਼ਮੀਨ ਦੀ ਸਿਹਤ ਖਰਾਬ ਹੋਣ ਦੇ ਨਾਲ-ਨਾਲ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਦੌਰਾਨ ਚੱਲ ਰਹੀਆਂ ਤੇਜ਼ ਹਵਾਵਾਂ ਕਾਰਨ ਅੱਗ ਬੇਕਾਬੂ ਹੋ ਕੇ ਜਾਨੀ ਅਤੇ ਮਾਲੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ। ਇਸ ਨਾਲ ਖੇਤਾਂ ਅਤੇ ਸੜਕਾਂ ਕਿਨਾਰੇ ਲੱਗੇ ਰੁੱਖ-ਬੂਟੇ, ਜੀਵ-ਜੰਤੂ, ਪੰਛੀ ਅਤੇ ਹੋਰ ਜਾਨਵਰ ਵੀ ਅੱਗ ਦੀ ਲਪੇਟ ਵਿੱਚ ਆ ਕੇ ਨੁਕਸਾਨ ਝੱਲਦੇ ਹਨ।

ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।


Share & like

Leave a Reply