ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 9 ਮਈ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਚਲਾਈਆਂ ਜਾ ਰਹੀਆਂ ਵਿਸ਼ੇਸ਼ ਕੋਚਿੰਗ ਜਮਾਤਾਂ ਦਾ ਸਕਾਰਾਤਮਕ ਨਤੀਜਾ ਸਾਹਮਣੇ ਆਇਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 14 ਵਿਦਿਆਰਥੀਆਂ ਨੇ ਜੇ.ਈ.ਈ ਮੇਨ ਪ੍ਰੀਖਿਆ ਪਾਸ ਕਰਕੇ ਜ਼ਿਲ੍ਹੇ ਅਤੇ ਆਪਣੇ ਸਕੂਲਾਂ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਵਿਦਿਆ ਭਵਨ ਮੁਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਪਰਮਜੀਤ ਅਤੇ ਜ਼ਿਲ੍ਹਾ ਨੋਡਲ ਅਫਸਰ ਸ: ਅਮਰਜੀਤ ਸਿੰਘ ਪੁਰੇਵਾਲ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ ਜੇ.ਈ.ਈ, ਨੀਟ ਅਤੇ ਕਲੈਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਤਹਿਤ ਮੈਰੀਟੋਰੀਅਸ ਸਕੂਲ ਜਲੰਧਰ ਵਿਖੇ ਵਿਸ਼ੇਸ਼ ਕੋਚਿੰਗ ਕੈਂਪ ਲਗਾਏ ਜਾਂਦੇ ਹਨ, ਜਿੱਥੇ ਪੂਰੇ ਪੰਜਾਬ ਤੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਿੱਸਾ ਲੈਂਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਾਲ ਪੰਜਾਬ ਭਰ ਦੇ 351 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇ.ਈ.ਈ ਮੇਨ ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ 14 ਵਿਦਿਆਰਥੀ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਹਨ।

ਜੇ.ਈ.ਈ ਮੇਨ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਵਿੱਚ ਸਸਸਸ ਦੀਨਾਨਗਰ (ਲੜਕੇ) ਦੇ ਦੀਕਸ਼ਾ, ਨਕੁਲ ਸੈਣੀ, ਜੀਆ ਸੈਣੀ, ਤਨਿਕਸ਼ਾ ਠਾਕੁਰ ਅਤੇ ਤਨਿਸ਼ ਸੈਣੀ, ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦੇ ਸ਼ੁਭਮਪ੍ਰੀਤ ਅਤੇ ਰਾਹੁਲ ਹੰਸ, ਸਸਸਸ ਤਾਰਾਗੜ ਦੇ ਸਿਮਰਜੋਤ ਸਿੰਘ, ਸਸਸਸ ਸਾਹਪੁਰ ਜਾਜਨ ਦੇ ਆਸ਼ਿਮ ਗੰਭੀਰ, ਸਸਸਸ ਮਿਰਜਾਜਾਨ ਦੇ ਨਵਨੂਰ ਸਿੰਘ, ਸਸਸਸ ਸੰਕਰਪੁਰ ਦੇ ਸੁਮਨਪ੍ਰੀਤ ਸਿੰਘ, ਸਸਸਸ ਗੁਰਦਾਸਪੁਰ (ਲੜਕੀਆਂ) ਦੀ ਜਸਮੀਨ, ਸਸਸਸ ਕਾਲਾ ਨੰਗਲ ਦੇ ਮੰਥਨ ਅਤੇ ਆਦਰਸ਼ ਸਕੂਲ ਕੋਟ ਧੰਦਲ ਦੇ ਰਾਹੁਲ ਹੰਸ ਸ਼ਾਮਲ ਹਨ।
ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਪਰਮਜੀਤ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।
ਸ: ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਹੁਣ ਇਹਨਾਂ ਵਿਦਿਆਰਥੀਆਂ ਲਈ ਜੇ.ਈ.ਈ ਐਡਵਾਂਸ ਦੀ ਤਿਆਰੀ ਵਾਸਤੇ ਮੈਰੀਟੋਰੀਅਸ ਸਕੂਲ ਜਲੰਧਰ ਵਿਖੇ ਕੋਚਿੰਗ ਕੈਂਪ ਲਗਾਤਾਰ ਚੱਲ ਰਹੇ ਹਨ। ਜਿਹੜੇ ਵਿਦਿਆਰਥੀ ਆਫਲਾਈਨ ਕੋਚਿੰਗ ਨਹੀਂ ਲੈ ਸਕਦੇ, ਉਨ੍ਹਾਂ ਲਈ ਵਿਭਾਗ ਵੱਲੋਂ ਪੇਸ ਪੋਰਟਲ ਅਤੇ ਸਾਥੀ ਐਪ ਰਾਹੀਂ ਆਨਲਾਈਨ ਕੋਚਿੰਗ ਦੀ ਸਹੂਲਤ ਵੀ ਉਪਲਬਧ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ‘ਤੇ ਸਮਰ ਕੈਂਪ, ਵਿੰਟਰ ਕੈਂਪ ਅਤੇ ਹੋਰ ਮੁਫ਼ਤ ਕੋਚਿੰਗ ਪ੍ਰੋਗਰਾਮ ਚਲਾਏ ਜਾਂਦੇ ਹਨ, ਜਿਸ ਦਾ ਵੱਧ ਤੋਂ ਵੱਧ ਲਾਭ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਲੈਣਾ ਚਾਹੀਦਾ ਹੈ।
ਕੈਪਸ਼ਨ: ਜੇ.ਈ.ਈ ਮੇਨ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਹੋਰ ਹਾਜ਼ਰ ਅਧਿਕਾਰੀ










