Share & like

8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਪੈਣਗੀਆਂ ਵੋਟਾਂ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 11 ਮਈ
ਪੰਜਾਬ ਵਿੱਚ ਸਥਾਨਕ ਚੋਣਾਂ ਦਾ ਐਲਾਨ ਹੋਣ ਨਾਲ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੀਆਂ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਚੋਣਾਂ 26 ਮਈ 2026 ਨੂੰ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਦਿੱਤੀ ਗਈ।
ਚੋਣ ਕਮਿਸ਼ਨ ਅਨੁਸਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ 13 ਮਈ ਤੋਂ 16 ਮਈ ਤੱਕ ਦਾਖਲ ਕੀਤੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਹੋਵੇਗੀ, ਜਦਕਿ 19 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਵੋਟਿੰਗ 26 ਮਈ ਨੂੰ ਹੋਵੇਗੀ ਅਤੇ ਨਤੀਜਿਆਂ ਦਾ ਐਲਾਨ 29 ਮਈ ਨੂੰ ਕੀਤਾ ਜਾਵੇਗਾ।
ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਨਾਲ ਹੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਪੁਲਿਸ ਅਤੇ ਪ੍ਰਸ਼ਾਸਨ ਨਾਲ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋ ਸਕੇ।
ਚੋਣਾਂ ਦੇ ਐਲਾਨ ਨਾਲ ਹੀ ਸੂਬੇ ਦੀਆਂ ਮੁੱਖ ਸਿਆਸੀ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਵੱਖ-ਵੱਖ ਪਾਰਟੀਆਂ ਵੱਲੋਂ ਮੀਟਿੰਗਾਂ ਕਰਕੇ ਉਮੀਦਵਾਰਾਂ ਦੀ ਚੋਣ ਅਤੇ ਚੋਣੀ ਰਣਨੀਤੀ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਣ ਵਾਲੀਆਂ ਇਹ ਸਥਾਨਕ ਚੋਣਾਂ ਆਉਣ ਵਾਲੇ ਸਮੇਂ ਦੀ ਸਿਆਸੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਇਸੇ ਕਰਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਇਨ੍ਹਾਂ ਚੋਣਾਂ ਨੂੰ ਪੂਰੀ ਤਾਕਤ ਨਾਲ ਲੜਨ ਦੀ ਤਿਆਰੀ ਵਿੱਚ ਹਨ।


Share & like

Leave a Reply