Share & like

ਮੰਗਾਂ ਨਾ ਮੰਨਣ ਤੱਕ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰੱਖਣ ਦਾ ਐਲਾਨ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 13 ਮਈ
ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਗੁਰਦਾਸਪੁਰ ਵਿਖੇ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ਼ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਕਰਮਚਾਰੀਆਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਬਾਅਦ ਵਿੱਚ ਡਾਕਖਾਨਾ ਚੌਂਕ ਵਿਖੇ ਇਕੱਠੇ ਹੋਏ ਮੁਲਾਜ਼ਮਾਂ ਨੇ 10 ਸਾਲਾ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਿਰੁੱਧ ਜ਼ਬਰਦਸਤ ਪ੍ਰਦਰਸ਼ਨ ਕੀਤਾ।
ਇਸ ਰੋਸ ਮਾਰਚ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮਨੀਸ਼ ਗਿੱਲ, ਜ਼ਿਲ੍ਹਾ ਸਕੱਤਰ ਸੋਨੂ ਸਭਰਵਾਲ, ਰਵੀ ਕੁਮਾਰ ਪ੍ਰਧਾਨ, ਬਸ਼ੀਰ ਪ੍ਰਧਾਨ, ਅਸ਼ਵਨੀ ਸੈਕਟਰੀ ਅਤੇ ਸੁਲੇਮਾਨ ਮਸੀਹ ਵੱਲੋਂ ਕੀਤੀ ਗਈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਅਮਰ ਕ੍ਰਾਂਤੀ, ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ ਦੇ ਜ਼ਿਲ੍ਹਾ ਦਫ਼ਤਰ ਸਕੱਤਰ ਜੋਗਿੰਦਰਪਾਲ ਘੁਰਾਲਾ ਅਤੇ ਪੀਆਰਐਸਯੂ ਦੇ ਆਗੂ ਗੁਰਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਇਹ ਹੜਤਾਲ ਸ਼ਹਿਰ ਵਾਸੀਆਂ ਦੇ ਖ਼ਿਲਾਫ਼ ਨਹੀਂ, ਸਗੋਂ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਹੈ। ਉਹਨਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਵਰਗੇ ਕਈ ਵਾਅਦੇ ਕੀਤੇ ਸਨ, ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹਨਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਸਫ਼ਾਈ ਕਰਮਚਾਰੀ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹੋ ਕੇ ਅਣਮਿੱਥੇ ਸਮੇਂ ਲਈ ਕੰਮ ਛੱਡ ਕੇ ਹੜਤਾਲ ‘ਤੇ ਬੈਠੇ ਹਨ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਇਲਾਕਿਆਂ ਦੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਤੋਂ ਕੱਚੇ ਮੁਲਾਜ਼ਮਾਂ ਨਾਲ ਕੀਤੀ ਵਾਅਦਾ ਖਿਲਾਫੀ ਬਾਰੇ ਸਵਾਲ ਪੁੱਛਣ।
ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੜਤਾਲ ਕਾਰਨ ਸ਼ਹਿਰ ਵਿੱਚ ਗੰਦਗੀ ਫੈਲਦੀ ਹੈ ਅਤੇ ਕਿਸੇ ਤਰ੍ਹਾਂ ਦੀ ਬਿਮਾਰੀ ਪੈਦਾ ਹੁੰਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਵਿੱਚ ਇਹ ਭਰਮ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਸਫ਼ਾਈ ਕਾਮਿਆਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਕੋਈ ਸਬ ਕਮੇਟੀ ਬਣਾਈ ਗਈ ਹੈ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਕਿ ਹੜਤਾਲ ਕਰ ਰਹੀਆਂ ਜਥੇਬੰਦੀਆਂ ਦੇ ਕਿਸੇ ਵੀ ਆਗੂ ਨਾਲ ਸਰਕਾਰ ਦੀ ਕੋਈ ਅਧਿਕਾਰਿਕ ਗੱਲਬਾਤ ਨਹੀਂ ਹੋਈ। ਉਹਨਾਂ ਦੋਸ਼ ਲਗਾਇਆ ਕਿ ਸਰਕਾਰ ਕੁਝ ਲੋਕਾਂ ਰਾਹੀਂ ਹੜਤਾਲ ਨੂੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚ ਰਹੀ ਹੈ, ਪਰ ਸਫਾਈ ਕਰਮਚਾਰੀ ਇਕਜੁੱਟ ਹਨ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ।

ਅੰਤ ਵਿੱਚ ਆਗੂਆਂ ਨੇ ਐਲਾਨ ਕੀਤਾ ਕਿ ਜਦ ਤੱਕ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ।


Share & like

Leave a Reply