ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 15 ਮਈ
ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਭਰ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ, ਬਾਗਬਾਨੀ ਵਿਕਾਸ ਅਫ਼ਸਰਾਂ, ਸਹਾਇਕ ਡਾਇਰੈਕਟਰ ਬਾਗਬਾਨੀ ਅਤੇ ਖੇਤੀਬਾੜੀ ਅਫ਼ਸਰਾਂ ਵੱਲੋਂ ਅੱਜ ਕਾਲੇ ਬਿੱਲੇ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ।

ਇਸ ਮੌਕੇ ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਆਪਣੀਆਂ ਮੰਗਾਂ ਬਾਰੇ ਕਈ ਵਾਰ ਸਰਕਾਰ ਨਾਲ ਮੀਟਿੰਗਾਂ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਖੇਤੀ ਮਾਹਿਰਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਕੇਡਰਾਂ ਦੀਆਂ ਵੱਡੀ ਗਿਣਤੀ ਅਸਾਮੀਆਂ ਖਾਲੀ ਹੋਣ ਹਨ ਕਾਰਨ ਕਿਸਾਨਾਂ ਤੱਕ ਪਹੁੰਚਣ ਵਾਲੀਆਂ ਖੇਤੀ ਪਸਾਰ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ।
ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦਾ ਖਾਲੀ ਅਸਾਮੀਆਂ ‘ਤੇ ਭਰਤੀ ਨਾ ਕਰਨਾ ਅਤੇ ਬਣਦੀਆਂ ਤਰੱਕੀਆਂ ਨਾ ਦੇਣਾ ਕਾਰਪੋਰੇਟਾਂ ਲਈ ਖੇਤੀ ਪਸਾਰ ਸੇਵਾਵਾਂ ‘ਤੇ ਕਬਜ਼ਾ ਕਰਨ ਦਾ ਰਾਹ ਪੱਧਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਤੀ ਮਾਹਿਰਾਂ ਦੀ ਪੇ-ਪੈਰਿਟੀ ਵੈਟਰਨਰੀ ਅਫ਼ਸਰਾਂ ਨਾਲ ਜੋੜੀ ਹੋਈ ਸੀ, ਪਰ ਮੌਜੂਦਾ ਸਰਕਾਰ ਵੱਲੋਂ ਇਸ ਨੂੰ ਤੋੜ ਕੇ ਖੇਤੀ ਪਸਾਰ ਸੇਵਾਵਾਂ ਦੇ ਮਿਆਰ ਨੂੰ ਘਟਾਇਆ ਜਾ ਰਿਹਾ ਹੈ।
ਆਗੂਆਂ ਦੱਸਿਆ ਕਿ ਐਸੋਸੀਏਸ਼ਨ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿੱਚ ਖੇਤੀਬਾੜੀ ਵਿਕਾਸ ਅਫ਼ਸਰਾਂ, ਬਾਗਬਾਨੀ ਵਿਕਾਸ ਅਫ਼ਸਰਾਂ, ਸਹਾਇਕ ਡਾਇਰੈਕਟਰ ਬਾਗਬਾਨੀ ਅਤੇ ਖੇਤੀਬਾੜੀ ਅਫ਼ਸਰਾਂ ਨੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਕਿਸਾਨ ਸਿਖਲਾਈ ਕੈਂਪਾਂ, ਫ਼ੀਲਡ ਗਤੀਵਿਧੀਆਂ ਅਤੇ ਦਫ਼ਤਰੀ ਕੰਮਕਾਜ ਦੌਰਾਨ ਕਾਲੇ ਬਿੱਲੇ ਲਾ ਕੇ ਆਪਣਾ ਰੋਸ ਦਰਜ਼ ਕਰਵਾਇਆ।
ਐਸੋਸੀਏਸ਼ਨ ਦੇ ਆਗੂਆਂ ਡਾ. ਹਰਮਨਦੀਪ ਸਿੰਘ ਘੁੰਮਣ, ਸਤਵਿੰਦਰਬੀਰ ਸਿੰਘ, ਮਨਜਿੰਦਰ ਸਿੰਘ, ਸੁਖਚੈਨ ਸਿੰਘ, ਗੁਰਲਵਲੀਨ ਸਿੰਘ ਰਾਣਾ, ਜਸਪਾਲ ਸਿੰਘ ਧੰਜੂ, ਵਿਕਰਾਂਤ ਅਤੇ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਅਗਲੇ ਇੱਕ ਹਫ਼ਤੇ ਤੱਕ ਇਸੇ ਤਰ੍ਹਾਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਵੱਡੇ ਪੱਧਰ ‘ਤੇ ਸੰਘਰਸ਼ ਉਲੀਕਿਆ ਜਾਵੇਗਾ।










