ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 15 ਮਈ
ਪਿਛਲੇ ਕਰੀਬ ਦਸ ਦਿਨਾਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ਨੂੰ ਅੱਜ ਵੱਡਾ ਹੌਸਲਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਧਰਨੇ ਵਿੱਚ ਪਹੁੰਚੇ ਅਤੇ ਉਨ੍ਹਾਂ ਨੇ ਕਰਮਚਾਰੀਆਂ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਬੱਬੇਹਾਲੀ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਮਜ਼ਦੂਰ ਵਰਗ ਦੇ ਨਾਲ ਖੜਾ ਰਿਹਾ ਹੈ। ਉਨ੍ਹਾਂ ਯਾਦ ਦਿਵਾਇਆ ਕਿ 2011 ਵਿੱਚ ਅਕਾਲੀ ਸਰਕਾਰ ਦੌਰਾਨ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਉਹ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਪੂਰਾ ਸਮਰਥਨ ਕਰਦੇ ਹਨ ਅਤੇ ਕਿਸੇ ਨਾਲ ਅਨਿਆਇ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਧਰਨਾ ਜਾਰੀ ਰਹੇਗਾ, ਹਰ ਰੋਜ਼ ਕਰਮਚਾਰੀਆਂ ਲਈ ਲੰਗਰ ਭੇਜਿਆ ਜਾਵੇਗਾ ਅਤੇ ਚਾਹ ਲਈ ਦੁੱਧ ਦਾ ਪ੍ਰਬੰਧ ਵੀ ਕੀਤਾ ਜਾਵੇਗਾ, ਤਾਂ ਜੋ ਧਰਨੇ ’ਤੇ ਬੈਠੇ ਕਰਮਚਾਰੀਆਂ ਨੂੰ ਕੋਈ ਮੁਸ਼ਕਲ ਨਾ ਆਵੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਧਰਨਾ ਖਤਮ ਹੋਣ ਤੋਂ ਬਾਅਦ ਸ਼ਹਿਰ ਵਿੱਚ ਫੈਲੇ ਕੂੜੇ ਨੂੰ ਚੁੱਕਣ ਲਈ 50 ਟਰਾਲੀਆਂ ਦਾ ਪ੍ਰਬੰਧ ਉਹ ਖੁਦ ਕਰਨਗੇ, ਤਾਂ ਜੋ ਸਫਾਈ ਪ੍ਰਬੰਧ ਮੁੜ ਸੁਚਾਰੂ ਹੋ ਸਕਣ।
ਬੱਬੇਹਾਲੀ ਨੇ ਇਹ ਵੀ ਕਿਹਾ ਕਿ ਜੇਕਰ ਵੱਖ-ਵੱਖ ਰਾਜਨੀਤਿਕ ਧਿਰਾਂ ਵੱਲੋਂ ਕੂੜਾ ਡੰਪ ਲਈ ਜ਼ਮੀਨ ਦਿੱਤੀ ਜਾਂਦੀ ਹੈ ਤਾਂ ਉਹ ਵੀ ਆਪਣੀ ਵੱਲੋਂ ਦੋ ਏਕੜ ਜ਼ਮੀਨ ਉਪਲਬਧ ਕਰਵਾਉਣ ਲਈ ਤਿਆਰ ਹਨ। ਉਨ੍ਹਾਂ ਇਹ ਵੀ ਪੇਸ਼ਕਸ਼ ਕੀਤੀ ਕਿ ਨਵੀਂ ਨਗਰ ਕੌਂਸਲ ਬਣਨ ਤੱਕ ਉਹ ਆਪਣੀ ਜ਼ਮੀਨ ਬਿਨਾਂ ਕਿਸੇ ਫੀਸ ਜਾਂ ਠੇਕੇ ਦੇ ਕੂੜਾ ਡੰਪ ਲਈ ਦੇਣ ਨੂੰ ਤਿਆਰ ਹਨ।
ਉਨ੍ਹਾਂ ਕਿਹਾ ਕਿ ਜੇਕਰ ਸਫਾਈ ਕਰਮਚਾਰੀ ਸਹਿਮਤ ਹੋਣ ਤਾਂ ਡੰਪ ਸਾਈਟ ’ਤੇ ਫੋਗਿੰਗ ਮਸ਼ੀਨਾਂ ਵੀ ਉਪਲਬਧ ਕਰਵਾਈਆਂ ਜਾਣਗੀਆਂ, ਤਾਂ ਜੋ ਸਫਾਈ ਪ੍ਰਬੰਧ ਹੋਰ ਬਿਹਤਰ ਬਣ ਸਕੇ।

ਇਸ ਮੌਕੇ ਉਨ੍ਹਾਂ ਦੇ ਨਾਲ ਕਈ ਸਥਾਨਕ ਆਗੂ ਅਤੇ ਸ਼ਹਿਰਵਾਸੀ ਵੀ ਮੌਜੂਦ ਸਨ।










