Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 17 ਮਈ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ, ਡੀਜ਼ਲ, ਸੀਐਨਜੀ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੇ ਆਮ ਲੋਕਾਂ ਉੱਤੇ ਮਹਿੰਗਾਈ ਦਾ ਵੱਡਾ ਬੋਝ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਗੈਸ ਦੀਆਂ ਕੀਮਤਾਂ ਵਧਣ ਕਾਰਨ ਰਸੋਈ ਸਮੇਤ ਰੋਜ਼ਾਨਾ ਵਰਤੋਂ ਦੀਆਂ ਸਾਰੀਆਂ ਵਸਤੂਆਂ ਦੇ ਭਾਅ ਵੀ ਲਗਾਤਾਰ ਵੱਧ ਰਹੇ ਹਨ।
ਪ੍ਰੈਸ ਬਿਆਨ ਜਾਰੀ ਕਰਦਿਆਂ ਪਾਸਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮਹਿੰਗਾਈ ਹੋਰ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਵੱਡੀ ਲੋਕ ਲਾਮਬੰਦੀ ਦੀ ਲੋੜ ਹੈ ਅਤੇ ਇਸ ਸੰਘਰਸ਼ ਵਿੱਚ ਹਰ ਧਰਮ ਅਤੇ ਵਰਗ ਦੇ ਲੋਕਾਂ ਦੀ ਭਾਗੀਦਾਰੀ ਜ਼ਰੂਰੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਮਾਰ ਹਰ ਵਰਗ ਦੇ ਗਰੀਬ ਲੋਕ ਬਰਾਬਰ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪੈਟਰੋਲੀਅਮ ਮੰਤਰੀ ਘਾਟ ਨਾ ਹੋਣ ਦੇ ਦਾਅਵੇ ਕਰ ਰਹੇ ਹਨ, ਜਦਕਿ ਦੂਜੇ ਪਾਸੇ ਲੋਕ ਗੈਸ ਸਿਲੰਡਰ ਅਤੇ ਹੋਰ ਜ਼ਰੂਰੀ ਵਸਤੂਆਂ ਲਈ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਖਾਦ ਦੀ ਬਲੈਕ ਮਾਰਕੀਟਿੰਗ ਵੀ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ ਕਿਸਾਨ ਵਰਗ ਚਿੰਤਤ ਹੈ।
ਪੰਜਾਬ ਸਰਕਾਰ ਬਾਰੇ ਟਿੱਪਣੀ ਕਰਦਿਆਂ ਪਾਸਲਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਅਧਿਕਾਰੀਆਂ ਅਤੇ ਮੰਤਰੀਆਂ ਦੇ ਨਾਮ ਸਾਹਮਣੇ ਆਉਣਾ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਲੋਕ ਮੁੱਦਿਆਂ ਖ਼ਿਲਾਫ਼ ਖੱਬੀਆਂ ਧਿਰਾਂ ਦਾ ਸੰਘਰਸ਼ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਨੱਥਾ ਸਿੰਘ ਢਡਵਾਲ ਨੇ ਦੱਸਿਆ ਕਿ ਆਰ ਐਮ ਪੀ ਆਈ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਦੇ ਸੱਦੇ ਤਹਿਤ 18 ਮਈ ਨੂੰ ਗੁਰਦਾਸਪੁਰ, ਪਠਾਨਕੋਟ, ਬਟਾਲਾ ਅਤੇ ਕਲਾਨੌਰ ਸਮੇਤ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 19 ਮਈ ਤੋਂ 28 ਮਈ ਤੱਕ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਬਲਿਕ ਮੀਟਿੰਗਾਂ ਕਰਕੇ ਲੋਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ।

ਜ਼ਿਲ੍ਹਾ ਪ੍ਰਧਾਨ ਕਾਮਰੇਡ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਾਮਰੇਡ ਗੁਰਦਰਸ਼ਨ ਸਿੰਘ ਬੀਕਾ, ਧਿਆਨ ਸਿੰਘ ਠਾਕੁਰ, ਮੱਖਣ ਕੁਹਾੜ, ਹਰਿੰਦਰ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ ਨਵਾਂ ਪਿੰਡ, ਅਬਿਨਾਸ਼ ਸਿੰਘ, ਹਰਜੀਤ ਸਿੰਘ ਕਲਾਨੌਰ, ਅਜੀਤ ਸਿੰਘ ਹੁੰਦਲ, ਬਲਵੰਤ ਸਿੰਘ ਘੋਹ, ਬਲਕਾਰ ਚੰਦ ਭਰਿਆਲ ਲਾਹੜੀ ਸਮੇਤ ਹੋਰ ਸਾਥੀ ਹਾਜ਼ਰ ਸਨ।


Share & like

Leave a Reply