Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 19 ਮਈ
ਪੰਜਾਬੀਆਂ ਕੋਲੋਂ ਖੋਹੀ ਜਾ ਰਹੀ ਮਾਂ ਬੋਲੀ ਪੰਜਾਬੀ ਨੂੰ ਬਚਾਉਣ ਅਤੇ ਪੰਜਾਬੀ ਭਾਸ਼ਾ ਦੇ ਹੱਕਾਂ ਦੀ ਰੱਖਿਆ ਲਈ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਵੱਲੋਂ 22 ਮਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸੱਦੇ ‘ਤੇ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੀ ਇੱਕ ਵਿਸ਼ੇਸ਼ ਇਕੱਤਰਤਾ ਕੀਤੀ ਗਈ।
ਇਕੱਤਰਤਾ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਆਰਮੀ ਸਕੂਲਾਂ ਜਿਨ੍ਹਾਂ ਨੂੰ ਆਰਮੀ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਚਲਾਉਂਦੀ ਹੈ ਵਿੱਚ ਪੰਜਾਬੀ ਭਾਸ਼ਾ ਨੂੰ ਹਾਸ਼ੀਏ ‘ਤੇ ਧੱਕ ਕੇ ਸੰਸਕ੍ਰਿਤ ਨੂੰ ਲਾਜ਼ਮੀ ਵਿਸ਼ੇ ਵਜੋਂ ਸ਼ਾਮਲ ਕਰਨਾ ਪੰਜਾਬੀਆਂ ਨਾਲ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਨ੍ਹਾਂ ਸਕੂਲਾਂ ਵਿੱਚ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਤਿੰਨੋਂ ਭਾਸ਼ਾਵਾਂ ਲਾਜ਼ਮੀ ਵਿਸ਼ਿਆਂ ਵਜੋਂ ਪੜ੍ਹਾਈਆਂ ਜਾਂਦੀਆਂ ਸਨ, ਪਰ ਹੁਣ ਪੰਜਾਬੀ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਸਾਹਿਤਕਾਰਾਂ ਨੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਇਸ ਫੈਸਲੇ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ 22 ਮਈ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਅਹਿਦ ਲਿਆ। ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਵੱਲੋਂ ਘੱਟੋ-ਘੱਟ 50 ਮੈਂਬਰਾਂ ਦਾ ਜਥਾ ਰੈਲੀ ਵਿੱਚ ਭੇਜਣ ਦਾ ਫੈਸਲਾ ਵੀ ਕੀਤਾ ਗਿਆ।
ਇਸ ਮੌਕੇ ਹਾਜ਼ਰ ਮੈਂਬਰਾਂ ਨੇ ਪੰਜਾਬ ਰਾਜ ਭਾਸ਼ਾ ਐਕਟ 2008 ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਆਈ.ਸੀ.ਐਸ.ਸੀ., ਨਵੋਦਿਆ ਅਤੇ ਹੋਰ ਸਕੂਲਾਂ ਵਿੱਚ ਦਸਵੀਂ ਜਮਾਤ ਤੱਕ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇ। ਇਸ ਦੇ ਨਾਲ ਹੀ ਸਰਕਾਰੀ ਦਫ਼ਤਰਾਂ ਅਤੇ ਅਦਾਲਤਾਂ ਦਾ ਸਾਰਾ ਕੰਮ ਵੀ ਪੰਜਾਬੀ ਵਿੱਚ ਕਰਨ ਦੀ ਮੰਗ ਉਠਾਈ ਗਈ।

ਰੈਲੀ ਨੂੰ ਸਫ਼ਲ ਬਣਾਉਣ ਲਈ ਸਾਹਿਤਕਾਰਾਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕਰਨ ਵਾਸਤੇ ਟੀਮਾਂ ਵੀ ਬਣਾਈਆਂ ਗਈਆਂ। ਇਕੱਤਰਤਾ ਵਿੱਚ ਜ਼ਿਲ੍ਹਾ ਸਾਹਿਤ ਕੇਂਦਰ ਦੇ ਪ੍ਰਧਾਨ ਡਾ. ਲੇਖ ਰਾਜ, ਸੰਯੋਜਕ ਮੱਖਣ ਕੁਹਾੜ, ਜਨਰਲ ਸਕੱਤਰ ਮੰਗਤ ਚੰਚਲ, ਸੀਨੀਅਰ ਮੀਤ ਪ੍ਰਧਾਨ ਸ਼ੀਤਲ ਸਿੰਘ ਗੁਨੋਪੁਰੀ, ਡਾ. ਰਜਵਿੰਦਰ ਕੌਰ, ਬੂਟਾ ਰਾਮ ਆਜ਼ਾਦ, ਪ੍ਰੈੱਸ ਸਕੱਤਰ ਸੁੱਚਾ ਸਿੰਘ ਪਸਨਾਵਾਲ, ਗੁਰਪ੍ਰੀਤ ਸਿੰਘ ਰੰਗੀਲਪੁਰ, ਗੁਰਮੀਤ ਬਾਜਵਾ, ਨਿਸ਼ਾਨ ਸਿੰਘ ਜੌੜਾਸੰਘਾ ਅਤੇ ਸੋਹਣ ਸਿੰਘ ਆਦਿ ਹਾਜ਼ਰ ਸਨ।


Share & like

Leave a Reply