Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 30 ਮਈ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਪਾਰਟੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਹੱਕੀ ਮੰਗਾਂ ਦੇ ਹੱਕ ਵਿੱਚ 1 ਅਤੇ 2 ਜੂਨ ਨੂੰ ਪੰਜਾਬ ਭਰ ਦੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਮਾਣਯੋਗ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪੇ ਜਾਣਗੇ। ਇਹ ਜਾਣਕਾਰੀ ਸਾਬਕਾ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਕੋਰ ਕਮੇਟੀ ਦੇ ਮੈਂਬਰ ਸੁੱਚਾ ਸਿੰਘ ਛੋਟੇਪੁਰ ਨੇ ਦਿੱਤੀ।
ਛੋਟੇਪੁਰ ਨੇ ਦੱਸਿਆ ਕਿ 1 ਜੂਨ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਾਰਟੀ ਵਰਕਰਾਂ ਸਮੇਤ ਡਿਪਟੀ ਕਮਿਸ਼ਨਰ ਨੂੰ ਪੰਜਾਬ ਦੇ ਗਵਰਨਰ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੰਗ ਪੱਤਰ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਣ, ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਮੁੱਖ ਤੌਰ ’ਤੇ ਉਠਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਪਾਰਟੀ ਵਰਕਰਾਂ ਵੱਲੋਂ ਇਸ ਮੁਹਿੰਮ ਲਈ ਪਿੰਡ ਪੱਧਰ ਤੱਕ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਵੱਡੀ ਗਿਣਤੀ ਵਿੱਚ ਮੰਗ ਪੱਤਰ ਸੌਂਪਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਪੰਜਾਬ ਦੀਆਂ ਜਾਇਜ਼ ਮੰਗਾਂ ਨੂੰ ਮਨਵਾਇਆ ਜਾ ਸਕੇ ਅਤੇ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ ’ਤੇ ਲਿਆਂਦਾ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਮਨਮੋਹਨ ਸਿੰਘ ਪੱਖੋਕੇ, ਨਰਿੰਦਰ ਸਿੰਘ, ਰੋਮਨਜੀਤ ਸਿੰਘ, ਸਤਿੰਦਰ ਸਿੰਘ, ਗੁਰਮੁਖ ਸਿੰਘ ਸਰਾਵਾਂ ਅਤੇ ਦਿਲਜੋਤ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ।


Share & like

Leave a Reply