ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 1 ਜੂਨ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਦੇ ਹੱਕੀ ਮੁੱਦਿਆਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਭੇਜਿਆ ਗਿਆ। ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਡੀ.ਸੀ. ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ।

ਇਸ ਮੌਕੇ ਸਾਬਕਾ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਨਾਲ ਜੁੜੇ 10 ਅਹਿਮ ਮੁੱਦਿਆਂ ਦੇ ਹੱਲ ਲਈ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਕੇ ਪੰਜਾਬੀਆਂ ਦਾ ਦਿਲ ਜਿੱਤੇ।
ਛੋਟੇਪੁਰ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 2026 ਵਿੱਚ ਸੋਧ, ਜੂਨ 1984 ਦੇ ਘੱਲੂਘਾਰੇ ਦੀ ਜਾਂਚ ਅਤੇ ਇਨਸਾਫ਼, ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ, ਐਸ.ਜੀ.ਪੀ.ਸੀ. ਚੋਣਾਂ ਕਰਵਾਉਣ, ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ, ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ, ਦਰਿਆਈ ਪਾਣੀਆਂ ਅਤੇ ਬਿਜਲਈ ਪ੍ਰੋਜੈਕਟਾਂ ਉੱਤੇ ਪੰਜਾਬ ਦੇ ਹੱਕ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਪੰਜਾਬ ਦੇ ਹੋਰ ਅਹਿਮ ਮਸਲਿਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਜਨਮ ਸਮੇਂ ਤੋਂ ਹੀ ਪੰਜਾਬ, ਪੰਜਾਬੀਅਤ ਅਤੇ ਸਿੱਖ ਹਿੱਤਾਂ ਦੀ ਲੜਾਈ ਲੜਦਾ ਆ ਰਿਹਾ ਹੈ ਅਤੇ ਅੱਜ ਵੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਪੰਜਾਬ ਦੇ ਗਵਰਨਰ ਨੂੰ ਅਪੀਲ ਕੀਤੀ ਕਿ ਉਹ ਇਹ ਮੰਗਾਂ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਤੱਕ ਪਹੁੰਚਾ ਕੇ ਇਨ੍ਹਾਂ ਦੇ ਹੱਲ ਲਈ ਯਤਨ ਕਰਨ।

ਇਸ ਮੌਕੇ ਅਮਰੀਕ ਸਿੰਘ ਖਲੀਲਪੁਰ, ਮਨਮੋਹਨ ਸਿੰਘ ਪੱਖੋਕੇ, ਸੁਖਬੀਰ ਸਿੰਘ ਪਨਿਆਰ, ਹਰੀ ਸਿੰਘ, ਜਸਬੀਰ ਸਿੰਘ ਸ਼ਾਹ, ਸਤਿੰਦਰ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਰਣਜੀਤ ਸਿੰਘ ਅਵਾਨ, ਸੁਵਿੰਦਰ ਸਿੰਘ ਘੁੰਮਣ, ਦਿਲਬਾਗ ਸਿੰਘ ਮੰਗੀਆ, ਜਗੀਰ ਸਿੰਘ ਕੋਟਲਾ, ਬਲਬੀਰ ਸਿੰਘ ਬੈਂਸ, ਬਲਜੀਤ ਸਿੰਘ, ਦਿਲਜੋਤ ਸਿੰਘ, ਚੈਨ ਸਿੰਘ, ਨਰਿੰਦਰ ਸਿੰਘ, ਮਨਦੀਪ ਸਿੰਘ ਸੈਣੀ, ਗੁਲਜ਼ਾਰ ਸਿੰਘ, ਡਾ. ਜਸਪਾਲ ਸਿੰਘ, ਗੁਲਾਬ ਸਿੰਘ, ਡਾ. ਪਾਲ ਸਿੰਘ, ਮਨਜੀਤ ਸਿੰਘ, ਰੋਬਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।










