Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 3 ਜੂਨ
ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੀ ਨਿਗਰਾਨੀ ਲਈ ਨਿਯੁਕਤ ਚੋਣ ਆਬਜ਼ਰਵਰ ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐੱਸ ਅੱਜ ਗੁਰਦਾਸਪੁਰ ਪਹੁੰਚੇ। ਉਨ੍ਹਾਂ ਨੇ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਵਿੱਚ ਚੱਲ ਰਹੀਆਂ ਚੋਣ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਚੋਣ ਪ੍ਰਬੰਧਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਚੋਣ ਆਬਜ਼ਰਵਰ ਨੇ ਗੁਰਦਾਸਪੁਰ ਅਤੇ ਦੀਨਾਨਗਰ ਵਿਖੇ ਬਣਾਏ ਗਏ ਨਾਮਜ਼ਦਗੀ ਕੇਂਦਰਾਂ ਦਾ ਦੌਰਾ ਕਰਕੇ ਨਾਮਜ਼ਦਗੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਲਈ ਕੀਤੇ ਗਏ ਪ੍ਰਬੰਧਾਂ, ਸੁਰੱਖਿਆ ਇੰਤਜ਼ਾਮਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਈ।
ਸ੍ਰੀ ਗਰਗ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸਾਰੇ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪੋਲਿੰਗ ਸਟੇਸ਼ਨਾਂ ‘ਤੇ ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ, ਰੈਂਪਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

ਚੋਣ ਆਬਜ਼ਰਵਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਸੁਝਾਅ ਲਈ ਉਨ੍ਹਾਂ ਨਾਲ ਮੋਬਾਈਲ ਨੰਬਰ 98888-36658 ਜਾਂ ਈਮੇਲ observermcelection@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸ਼ਿਕਾਇਤ ਦਾ ਨਿਰਪੱਖ ਅਤੇ ਤੁਰੰਤ ਨਿਪਟਾਰਾ ਕੀਤਾ ਜਾਵੇਗਾ।


Share & like

Leave a Reply