ਪਿਛਲੇ ਤਿੰਨ ਸਾਲਾਂ ਦੌਰਾਨ 15 ਫੀਸਦ ਤੋਂ ਵੱਧ ਫੀਸ ਵਸੂਲਣ ਵਾਲੇ ਸਕੂਲਾਂ ਤੋਂ ਵਿਦਿਆਰਥੀਆਂ ਨੂੰ ਫੀਸ ਕਰਵਾਈ ਜਾਵੇਗੀ ਵਾਪਸ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 3 ਜੂਨ
ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਸੂਬੇ ਵਿੱਚ ਨਿੱਜੀ ਸਕੂਲਾਂ ਵੱਲੋਂ ਵਧਾਈਆਂ ਜਾ ਰਹੀਆਂ ਫੀਸਾਂ ’ਤੇ ਸਖ਼ਤ ਰੁਖ ਅਖਤਿਆਰ ਕਰਦਿਆਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਵੀ ਸਕੂਲ ਹੁਣ ਇੱਕ ਸਾਲ ਦੌਰਾਨ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਕਾਨੂੰਨ ਬਣਾਇਆ ਜਾਵੇਗਾ।
ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਅੰਮ੍ਰਿਤਸਰ ਦੀ ਇੱਕ ਵਿਦਿਆਰਥਣ ਦੀ ਮੌਤ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਜਾਂ ਪਰਿਵਾਰ ’ਤੇ ਬੇਜਾ ਆਰਥਿਕ ਬੋਝ ਪਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਿੱਖਿਆ ਦੇ ਖੇਤਰ ਵਿੱਚ ਮਨਮਾਨੀਆਂ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ 15 ਫੀਸਦ ਤੋਂ ਵੱਧ ਫੀਸ ਵਸੂਲਣ ਵਾਲੇ ਸਕੂਲ ਪ੍ਰਬੰਧਕਾਂ ਦੀ ਜਾਂਚ ਕਰਵਾਈ ਜਾਵੇਗੀ। ਜੇਕਰ ਸਕੂਲਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਵਾਧੂ ਫੀਸ ਵਸੂਲੀ ਗਈ ਹੋਵੇਗੀ ਤਾਂ ਉਹ ਰਕਮ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਾਪਸ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਤਹਿਤ ਜੇ ਕੋਈ ਸਕੂਲ ਇੱਕ ਸਾਲ ਵਿੱਚ 5 ਫੀਸਦ ਤੋਂ ਵੱਧ ਫੀਸ ਵਧਾਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦਾ ਉਦੇਸ਼ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਰੱਖਣਾ ਅਤੇ ਮਾਪਿਆਂ ਨੂੰ ਬੇਲੋੜੇ ਆਰਥਿਕ ਦਬਾਅ ਤੋਂ ਰਾਹਤ ਦੇਣਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਅੰਮ੍ਰਿਤਸਰ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ ਵਿੱਚ ਜੇਕਰ ਜਾਂਚ ਦੌਰਾਨ ਸਕੂਲ ਪ੍ਰਬੰਧਨ ਦੀ ਕੋਈ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।










