ਜਤਿੰਦਰ ਬੈਂਸ | ਗੁਰਦਾਸਪੁਰ, 4 ਜੂਨ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.), ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਅਤੇ ਡਾ. ਬੀ.ਆਰ. ਅੰਬੇਦਕਰ ਮਿਸ਼ਨਰੀ ਜਥੇਬੰਦੀਆਂ ਵੱਲੋਂ ਐੱਸ.ਆਈ.ਆਰ. ਅਤੇ ਲੋਕ ਮੁੱਦਿਆਂ ਨੂੰ ਲੈ ਕੇ 7 ਜੂਨ ਨੂੰ ਲੁਧਿਆਣਾ ਦੇ ਅੰਬੇਦਕਰ ਭਵਨ ਵਿਖੇ ਵਿਸ਼ਾਲ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਇਸ ਕਨਵੈਨਸ਼ਨ ਵਿੱਚ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਸਾਥੀਆਂ ਦੀ ਸ਼ਮੂਲੀਅਤ ਹੋਵੇਗੀ।
ਆਰ.ਐੱਮ.ਪੀ.ਆਈ. ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਾ ਕਮੇਟੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਏ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਮੰਗਤ ਰਾਮ ਪਾਸਲਾ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਐੱਸ.ਆਈ.ਆਰ. ਤਹਿਤ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਹੈ। ਉਨ੍ਹਾਂ ਕਿਹਾ ਕਿ ਅਸਾਮ ਅਤੇ ਪੱਛਮੀ ਬੰਗਾਲ ਵਿੱਚ ਘੱਟ ਗਿਣਤੀ ਵਰਗ ਅਤੇ ਭਾਜਪਾ ਵਿਰੋਧੀ ਵੋਟਾਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ਾਂ ਨੂੰ ਦੇਖਦੇ ਹੋਏ ਪੰਜਾਬ ਦੇ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਲੋੜ ਹੈ।
ਕਾਮਰੇਡ ਪਾਸਲਾ ਨੇ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਲਗਾਤਾਰ ਵਧ ਰਹੀਆਂ ਤੇਲ, ਗੈਸ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਹੋ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਹਿੰਗਾਈ, ਬੇਰੁਜ਼ਗਾਰੀ, ਖਾਦ ਦੀ ਘਾਟ ਅਤੇ ਕਾਲਾਬਾਜ਼ਾਰੀ ਵਰਗੇ ਗੰਭੀਰ ਮੁੱਦਿਆਂ ‘ਤੇ ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਰਥਿਕ ਹਾਲਤ ਦਿਨੋ-ਦਿਨ ਖਰਾਬ ਹੋ ਰਹੀ ਹੈ, ਜਦਕਿ ਦੇਸ਼ ਦਾ ਪ੍ਰਧਾਨ ਮੰਤਰੀ ਗਰਮੀਆਂ ਵਿੱਚ ਕਿਹੜਾ ਜੂਸ ਪੀਣਾ ਚਾਹੀਦਾ ਹੈ, ਇਸ ਤਰ੍ਹਾਂ ਦੀਆਂ ਗੱਲਾਂ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਘੱਟ ਉਜਰਤਾਂ ਕਾਰਨ ਵੱਡੀ ਗਿਣਤੀ ਲੋਕ ਦੋ ਵਕਤ ਦੀ ਰੋਟੀ ਲਈ ਵੀ ਸੰਘਰਸ਼ ਕਰ ਰਹੇ ਹਨ। ਪਾਸਲਾ ਨੇ ਠੇਕੇ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਕਰਨ, ਘੱਟੋ-ਘੱਟ ਤਨਖਾਹ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਨਿਰਧਾਰਿਤ ਕਰਨ ਅਤੇ ਮਜ਼ਦੂਰਾਂ-ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ। ਉਨ੍ਹਾਂ ਸੇਵਾ ਕੇਂਦਰਾਂ ਦੇ ਹੜਤਾਲੀ ਕਰਮਚਾਰੀਆਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਉਨ੍ਹਾਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਨੱਥਾ ਸਿੰਘ ਢਡਵਾਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ “ਲੋਕਾਂ ਕੋਲ ਚੱਲੋ” ਮੁਹਿੰਮ ਨੂੰ ਮਿਲ ਰਹੇ ਭਰਪੂਰ ਹੁੰਗਾਰੇ ਦੇ ਮੱਦੇਨਜ਼ਰ ਇਸ ਨੂੰ ਹੋਰ ਦੋ ਹਫ਼ਤੇ ਲਈ ਜਾਰੀ ਰੱਖਿਆ ਜਾਵੇਗਾ।

ਜ਼ਿਲ੍ਹਾ ਪ੍ਰਧਾਨ ਕਾਮਰੇਡ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਾਮਰੇਡ ਅਜੀਤ ਸਿੰਘ ਠੱਕਰਸੰਧੂ, ਧਿਆਨ ਸਿੰਘ ਠਾਕੁਰ, ਮੱਖਣ ਕੁਹਾੜ, ਹਰਿੰਦਰ ਸਿੰਘ ਰੰਧਾਵਾ, ਸੰਤੋਖ ਸਿੰਘ ਔਲਖ, ਸ਼ਮਸ਼ੇਰ ਸਿੰਘ ਨਵਾਂ ਪਿੰਡ, ਜਸਵੰਤ ਸਿੰਘ ਬੁੱਟਰ, ਅਬਿਨਾਸ਼ ਸਿੰਘ, ਜਗੀਰ ਸਿੰਘ ਸਲਾਚ, ਬਲਵੰਤ ਸਿੰਘ ਘੋਹ, ਬਲਕਾਰ ਚੰਦ ਭਰਿਆਲ ਲਾਹੜੀ ਅਤੇ ਬਲਦੇਵ ਰਾਜ ਭੋਆ ਸਮੇਤ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।










