Share & like

ਜਤਿੰਦਰ ਬੈਂਸ
ਕਲਾਨੌਰ, 4 ਜੂਨ
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਇਤਿਹਾਸਕ ਕਸਬਾ ਕਲਾਨੌਰ ਵਿਖੇ ਪਹੁੰਚੇ ਸਾਬਕਾ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ “ਰੰਗਲਾ ਪੰਜਾਬ” ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸੂਬੇ ਵਿੱਚ ਕਤਲ, ਫਿਰੌਤੀ ਦੀਆਂ ਧਮਕੀਆਂ ਅਤੇ ਹਿੰਸਕ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਹਰ ਵਰਗ ਦੇ ਲੋਕ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਜੀ ਰਹੇ ਹਨ।

ਇਸ ਦੌਰਾਨ ਛੋਟੇਪੁਰ ਨੇ ਮੁਲਤਾਨੀ ਹਸਪਤਾਲ ‘ਤੇ ਹੋਏ ਗ੍ਰਨੇਡ ਹਮਲੇ ਵਾਲੀ ਥਾਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਹਸਪਤਾਲ ਦੇ ਮਾਲਕ ਡਾ. ਅਮਰਬੀਰ ਸਿੰਘ ਮੁਲਤਾਨੀ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ, ਪਰ ਅੱਜ ਉਹ ਵੀ ਹਮਲਿਆਂ ਅਤੇ ਧਮਕੀਆਂ ਦੇ ਸਾਏ ਹੇਠ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਾਨਲੇਵਾ ਹਮਲਿਆਂ ਦੇ ਬਾਵਜੂਦ ਪ੍ਰਭਾਵਿਤ ਲੋਕਾਂ ਨੂੰ ਯੋਗ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਜਾ ਰਹੀ।
ਛੋਟੇਪੁਰ ਨੇ ਕਿਹਾ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਪੰਜਾਬ ਦੇ ਹਾਲਾਤ ਵਿਗੜ ਚੁੱਕੇ ਹਨ। ਫਿਰੌਤੀ ਮੰਗਣ, ਗੋਲੀਬਾਰੀ ਅਤੇ ਧਮਾਕਿਆਂ ਦੀਆਂ ਵਧਦੀਆਂ ਘਟਨਾਵਾਂ ਕਾਰਨ ਵਪਾਰੀ ਵਰਗ ਪੰਜਾਬ ਵਿੱਚ ਨਿਵੇਸ਼ ਕਰਨ ਤੋਂ ਹਿਚਕਚਾ ਰਿਹਾ ਹੈ ਅਤੇ ਕਈ ਕਾਰੋਬਾਰੀ ਹੋਰ ਸੂਬਿਆਂ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਵਿਦੇਸ਼ੀ ਨਿਵੇਸ਼ ਲਿਆਉਣ ਦੀਆਂ ਗੱਲਾਂ ਕਰ ਰਹੇ ਹਨ, ਜਦਕਿ ਦੂਜੇ ਪਾਸੇ ਸੂਬੇ ਦੇ ਆਪਣੇ ਵਪਾਰੀ ਹੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ਨਾਲ ਦਹਿਸ਼ਤ ਦਾ ਮਾਹੌਲ ਬਣਨ ਸਬੰਧੀ ਸਾਬਕਾ ਮੁੱਖ ਮੰਤਰੀ Rajinder Kaur Bhattal ਵੱਲੋਂ ਦਿੱਤਾ ਗਿਆ ਬਿਆਨ ਮੌਜੂਦਾ ਹਾਲਾਤਾਂ ਵਿੱਚ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਛੋਟੇਪੁਰ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਗ੍ਰਨੇਡ ਹਮਲਿਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ਅਤੇ ਅਜਿਹੇ ਹਾਲਾਤਾਂ ਵਿੱਚ ਗੁਆਂਢੀ ਦੇਸ਼ ਦੇ ਦੇਸ਼ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਨਾ ਵੀ ਚੁਣੌਤੀਪੂਰਨ ਬਣ ਜਾਂਦਾ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਸੀਮਾ ਸੁਰੱਖਿਆ ਬਲ ਦੀ ਚੌਕਸੀ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।


Share & like

Leave a Reply