Share & like

ਜਤਿੰਦਰ ਬੈਂਸ
ਗੁਰਦਾਸਪੁਰ, 15 ਜੂਨ
ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਇੱਕ ਵਫ਼ਦ ਨੇ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਨਾਲ ਮੁਲਾਕਾਤ ਕਰਕੇ ਡਰੱਗ ਅਤੇ ਆਰਥਿਕ ਸਰਵੇ ਲਈ ਅਧਿਆਪਕਾਂ ਦੀਆਂ ਡਿਊਟੀਆਂ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਨਾ ਲਗਾਉਣ ਦੀ ਮੰਗ ਕੀਤੀ।
ਵਫ਼ਦ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਅਧਿਆਪਕ ਦੀ ਸਹਿਮਤੀ ਤੋਂ ਬਿਨਾਂ ਸਰਵੇ ਵਿੱਚ ਡਿਊਟੀ ਨਹੀਂ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਵਾਜਬ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਕੋਈ ਫ਼ੈਸਲਾ ਲਿਆ ਜਾਵੇਗਾ।
ਅਧਿਆਪਕ ਆਗੂਆਂ ਨੇ ਕਿਹਾ ਕਿ ਸਰਵੇ ਦਾ ਕੰਮ ਬੇਰੁਜ਼ਗਾਰ ਨੌਜਵਾਨਾਂ ਤੋਂ ਵੀ ਕਰਵਾਇਆ ਜਾ ਸਕਦਾ ਹੈ, ਜਿਵੇਂ ਕਿ ਕੁਝ ਹੋਰ ਜ਼ਿਲ੍ਹਿਆਂ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਇਸ ਨਾਲ ਅਧਿਆਪਕਾਂ ਦਾ ਪੜ੍ਹਾਈ ਨਾਲ ਜੁੜਿਆ ਮੁੱਖ ਕੰਮ ਪ੍ਰਭਾਵਿਤ ਨਹੀਂ ਹੋਵੇਗਾ।
ਵਫ਼ਦ ਨੇ ਪੰਚਾਇਤੀ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਡਿਊਟੀ ਨਿਭਾਉਣ ਵਾਲੇ ਅਧਿਆਪਕਾਂ ਨੂੰ ਕਮਾਈ ਛੁੱਟੀ (Compensatory Leave) ਦੇਣ ਦੀ ਮੰਗ ਵੀ ਰੱਖੀ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਅਧਿਆਪਕ ਜਥੇਬੰਦੀਆਂ ਲਿਖਤੀ ਰੂਪ ਵਿੱਚ ਮੰਗ ਪੱਤਰ ਦਿੰਦੀਆਂ ਹਨ ਤਾਂ ਇਸ ਨੂੰ ਅੱਗੇ ਚੋਣ ਕਮਿਸ਼ਨ ਕੋਲ ਭੇਜਿਆ ਜਾਵੇਗਾ।

ਇਸ ਮੌਕੇ ਵਫ਼ਦ ਵਿੱਚ ਕੁਲਦੀਪ ਪੁਰੋਵਾਲ, ਅਸ਼ਵਨੀ ਫੱਜ਼ੂਪੁਰ, ਸੋਮ ਸਿੰਘ, ਹਰਜਿੰਦਰ ਸਿੰਘ, ਰਾਜ ਸੁਖਵਿੰਦਰ ਸਿੰਘ, ਬਲਵਿੰਦਰ ਕੌਰ, ਅਜੀਤ ਸਿੰਘ, ਰਜ਼ਨੀਸ਼ ਕੁਮਾਰ, ਸਤਨਾਮ ਸਿੰਘ, ਸੰਜੀਵ ਕੁਮਾਰ, ਸਰਬਜੀਤ ਸਿੰਘ, ਰਜਨੀ ਪ੍ਰਕਾਸ਼, ਦਿਲਦਾਰ ਭੰਡਾਲ, ਗੁਰਵਿੰਦਰ ਸੈਣੀ ਅਤੇ ਅਮਰਜੀਤ ਕੋਠੇ ਸਮੇਤ ਹੋਰ ਆਗੂ ਹਾਜ਼ਰ ਸਨ।


Share & like

Leave a Reply