ਜਤਿੰਦਰ ਬੈਂਸ
ਬਟਾਲਾ, 22 ਜੂਨ
ਬਟਾਲਾ ਦੇ ਨਿਊ ਟਾਪ ਸਿਟੀ ਕਾਲੋਨੀ ਵਿੱਚ ਐਤਵਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਘਰ ਦੇ ਬਾਹਰ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਰਾਤ ਕਰੀਬ 2 ਵਜੇ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਇੱਕ ਕੋਠੀ ਦੇ ਬਾਹਰ ਪਹੁੰਚੇ ਅਤੇ ਗੇਟ ‘ਤੇ ਛੇ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਘਰ ‘ਤੇ ਗੋਲੀਆਂ ਚਲਾਈਆਂ ਗਈਆਂ, ਉਸ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਕੋਈ ਧਮਕੀ ਨਹੀਂ ਮਿਲੀ ਸੀ।
ਨਾਲ ਲੱਗਦੇ ਘਰ ਵਿੱਚ ਰਹਿੰਦੇ ਕਾਰੋਬਾਰੀ ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਪਿਛਲੇ ਕਈ ਦਿਨਾਂ ਤੋਂ ਗੈਂਗਸਟਰ ਅਮਨ ਅੰਡਾ ਵੱਲੋਂ ਧਮਕੀ ਭਰੀਆਂ ਕਾਲਾਂ ਅਤੇ ਵੌਇਸ ਮੈਸੇਜ ਆ ਰਹੇ ਸਨ। ਉਸ ਨੇ ਦਾਅਵਾ ਕੀਤਾ ਕਿ ਉਸ ਤੋਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਵਰਿੰਦਰ ਸਿੰਘ ਅਨੁਸਾਰ ਫਾਇਰਿੰਗ ਦੀ ਘਟਨਾ ਤੋਂ ਬਾਅਦ ਵੀ ਉਸ ਨੂੰ ਮੈਸੇਜ ਭੇਜ ਕੇ ਕਿਹਾ ਗਿਆ ਕਿ “ਗਿਫਟ ਮਿਲ ਗਿਆ ਹੈ।” ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਹੋ ਚੁੱਕੀ ਹੈ ਅਤੇ ਦੋ ਦਿਨ ਪਹਿਲਾਂ ਹੀ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਘਰ ਮਾਲਕ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਨਾ ਤਾਂ ਉਨ੍ਹਾਂ ਨੂੰ ਕੋਈ ਧਮਕੀ ਮਿਲੀ ਸੀ ਅਤੇ ਨਾ ਹੀ ਕਿਸੇ ਨਾਲ ਕੋਈ ਰੰਜਿਸ਼ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਹਮਲਾ ਉਨ੍ਹਾਂ ਦੇ ਗੁਆਂਢੀ ਵਰਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਨਾਲ ਜੁੜਿਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਲੋਨੀ ਵਿੱਚ ਛੋਟੇ ਬੱਚੇ ਅਕਸਰ ਗਲੀਆਂ ਵਿੱਚ ਖੇਡਦੇ ਰਹਿੰਦੇ ਹਨ, ਜਿਸ ਕਾਰਨ ਅਜਿਹੀਆਂ ਘਟਨਾਵਾਂ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੀਆਂ ਹਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਕਾਲੋਨੀ ਦੀ ਸੁਰੱਖਿਆ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ।

ਉੱਧਰ ਚੌਂਕੀ ਅਰਬਨ ਇਸਟੇਟ ਦੇ ਇੰਚਾਰਜ ਵਿਕਰਮ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ।










