ਜਤਿੰਦਰ ਬੈਂਸ
ਕਾਹਨੂੰਵਾਨ, 22 ਜੂਨ
ਜ਼ਿਲ੍ਹਾ ਗੁਰਦਾਸਪੁਰ ਦੇ ਸਠਿਆਲੀ ਹੈੱਡ ਵਰਕਸ ਨੇੜੇ ਅੱਪਰ ਬਾਰੀ ਦੁਆਬ ਨਹਿਰ ਵਿੱਚ ਕਰੀਬ 40 ਫੁੱਟ ਤੋਂ ਵੱਧ ਦਾ ਵੱਡਾ ਪਾੜ ਪੈ ਜਾਣ ਕਾਰਨ ਨੇੜਲੇ ਘਰਾਂ, ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਫੈਲ ਗਿਆ, ਜਿਸ ਨਾਲ ਲੋਕਾਂ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਇਸ ਘਟਨਾ ਨੇ ਨਹਿਰਾਂ ਦੀ ਮਜ਼ਬੂਤੀ ਅਤੇ ਸਿੰਚਾਈ ਪ੍ਰਬੰਧਾਂ ਬਾਰੇ ਕੀਤੇ ਜਾ ਰਹੇ ਸਰਕਾਰੀ ਦਾਅਵਿਆਂ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਨਹਿਰ ਰਾਤ ਸਮੇਂ ਟੁੱਟੀ। ਨਹਿਰੀ ਵਿਸ਼ਰਾਮ ਘਰ ਵਿੱਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਕਰੀਬ ਰਾਤ 3 ਵਜੇ ਉਨ੍ਹਾਂ ਦੇ ਕਮਰਿਆਂ ਵਿੱਚ ਅਚਾਨਕ ਪਾਣੀ ਦਾਖਲ ਹੋਣਾ ਸ਼ੁਰੂ ਹੋ ਗਿਆ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਨਹਿਰ ਵਿੱਚ ਵੱਡਾ ਪਾੜ ਪੈ ਗਿਆ ਹੈ। ਪਾਣੀ ਸ੍ਰੀ ਹਰਗੋਬਿੰਦਪੁਰ-ਗੁਰਦਾਸਪੁਰ ਸੜਕ ਮਾਰਗ ਨੂੰ ਪਾਰ ਕਰਦਾ ਹੋਇਆ ਨੇੜਲੇ ਘਰਾਂ ਅਤੇ ਖੇਤਾਂ ਵਿੱਚ ਫੈਲ ਗਿਆ।
ਨਹਿਰ ਟੁੱਟਣ ਕਾਰਨ ਕਈ ਏਕੜ ਰਕਬੇ ਵਿੱਚ ਲਗਾਈ ਗਈ ਝੋਨੇ ਦੀ ਫ਼ਸਲ ਪਾਣੀ ਹੇਠ ਆ ਗਈ। ਸੂਚਨਾ ਮਿਲਦਿਆਂ ਹੀ ਇਲਾਕੇ ਦੇ ਵੱਡੀ ਗਿਣਤੀ ਲੋਕ ਮੌਕੇ ‘ਤੇ ਪਹੁੰਚ ਗਏ। ਪ੍ਰਭਾਵਿਤ ਪਰਿਵਾਰਾਂ ਨੇ ਦੱਸਿਆ ਕਿ ਘਰਾਂ ਵਿੱਚ ਪਾਣੀ ਭਰਨ ਕਾਰਨ ਖਾਣ ਲਈ ਰੱਖੀ ਕਣਕ, ਘਰੇਲੂ ਸਾਮਾਨ ਅਤੇ ਹੋਰ ਕੀਮਤੀ ਵਸਤਾਂ ਨੂੰ ਨੁਕਸਾਨ ਪਹੁੰਚਿਆ ਹੈ।
ਪੀੜਤ ਤਰਸੇਮ ਸਿੰਘ, ਸੁਰਜੀਤ ਸਿੰਘ ਅਤੇ ਹੋਰ ਵਸਨੀਕਾਂ ਨੇ ਦੱਸਿਆ ਕਿ ਨੁਕਸਾਨ ਦਾ ਅਸਲ ਅੰਦਾਜ਼ਾ ਹਾਲੇ ਨਹੀਂ ਲਗਾਇਆ ਜਾ ਸਕਦਾ, ਪਰ ਇਹ ਲੱਖਾਂ ਰੁਪਏ ਤੱਕ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਅਚਾਨਕ ਆਏ ਪਾਣੀ ਕਾਰਨ ਪਰਿਵਾਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਉਧਰ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਫਿਲਹਾਲ ਘਟਨਾ ਸਬੰਧੀ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ। ਪਾੜ ਨੂੰ ਬੰਦ ਕਰਨ ਲਈ ਇੱਕ ਨਿੱਜੀ ਠੇਕੇਦਾਰ ਵੱਲੋਂ ਭਾਰੀ ਪੋਕਲੇਨ ਮਸ਼ੀਨਾਂ ਦੀ ਮਦਦ ਨਾਲ ਕੰਮ ਕੀਤਾ ਜਾ ਰਿਹਾ ਹੈ, ਪਰ ਨਹਿਰ ਵਿੱਚ ਪਾਣੀ ਦਾ ਤੇਜ਼ ਵਹਾਅ ਰਾਹਤ ਕਾਰਜਾਂ ਵਿੱਚ ਰੁਕਾਵਟ ਬਣ ਰਿਹਾ ਹੈ।

ਕਿਸਾਨਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਲਗਾਇਆ ਗਿਆ ਝੋਨਾ ਪੂਰੀ ਤਰ੍ਹਾਂ ਪਾਣੀ ਹੇਠ ਆ ਗਿਆ ਹੈ ਅਤੇ ਫ਼ਸਲ ਦੇ ਬਚਣ ਦੀ ਸੰਭਾਵਨਾ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਦੁਬਾਰਾ ਲਗਾਉਣ ਲਈ ਪਨੀਰੀ ਦੀ ਘਾਟ ਹੈ ਅਤੇ ਹੁਣ ਤੱਕ ਕਿਸੇ ਪ੍ਰਕਾਰ ਦੇ ਮੁਆਵਜ਼ੇ ਬਾਰੇ ਵੀ ਕੋਈ ਭਰੋਸਾ ਨਹੀਂ ਦਿੱਤਾ ਗਿਆ।
ਪੀੜਤ ਪਰਿਵਾਰਾਂ ਅਤੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨੁਕਸਾਨ ਦਾ ਤੁਰੰਤ ਸਰਵੇ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਨਹਿਰਾਂ ਦੀ ਮਜ਼ਬੂਤੀ ਲਈ ਪੱਕੇ ਪ੍ਰਬੰਧ ਕੀਤੇ ਜਾਣ।










